ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਵਿੱਚ ਤਿੰਨ ਵਿੱਤ ਬਿੱਲ ਪੇਸ਼ ਕਰਨ ਦੀ ਇਜਾਜ਼ਤ ਨਾ ਦੇਣ ਖ਼ਿਲਾਫ਼ ਪੰਜਾਬ ਸਰਕਾਰ 30 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਪਹੁੰਚ ਕਰੇਗੀ। ਇਸ ਦੇ ਨਾਲ ਹੀ ਦੋ ਰੋਜ਼ਾ ਸੈਸ਼ਨ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਅਦ ਦੁਪਹਿਰ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ।
ਪਹਿਲੇ ਦਿਨ ਸਦਨ ਵਿੱਚ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਪਰ ਇਸ ਤੋਂ ਬਾਅਦ ਪ੍ਰਸ਼ਨ ਕਾਲ ਦੌਰਾਨ ਕਾਂਗਰਸੀ ਮੈਂਬਰਾਂ ਨੇ ਖੂਬ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਸਪੀਕਰ ਤੋਂ ਮੰਗ ਕੀਤੀ ਕਿ ਉਹ ਦੱਸਣ ਕਿ ਇਹ ਸੈਸ਼ਨ ਕਾਨੂੰਨੀ ਹੈ ਜਾਂ ਗੈਰ-ਕਾਨੂੰਨੀ। ਭਾਵੇਂ ਸਪੀਕਰ ਨੇ ਸੈਸ਼ਨ ਨੂੰ ਜਾਇਜ਼ ਕਰਾਰ ਦਿੱਤਾ ਪਰ ਕਾਂਗਰਸ ਦੇ ਮੈਂਬਰ ਪੂਰੇ ਪ੍ਰਸ਼ਨ ਕਾਲ ਦੌਰਾਨ ਸਦਨ ਵਿੱਚ ਰੌਲਾ ਪਾਉਂਦੇ ਰਹੇ। ਬਾਅਦ ‘ਚ ਧਿਆਨ ਦਿਵਾਉਣ ਦੇ ਮਤੇ ‘ਤੇ ਚਰਚਾ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਮੁੱਖ ਮੰਤਰੀ ਮਾਨ ਵਿਚਕਾਰ ਤਕਰਾਰ ਹੋ ਗਈ, ਜਿਸ ਕਾਰਨ ਸਦਨ ‘ਚ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਵਰਗੀ ਸਥਿਤੀ ਪੈਦਾ ਹੋ ਗਈ ਅਤੇ ਸਪੀਕਰ ਨੂੰ ਦਸ ਮਿੰਟ ਲਈ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਪਰੀਮ ਕੋਰਟ ਜਾਣ ਦੇ ਐਲਾਨ ਤੋਂ ਬਾਅਦ ਉਨ੍ਹਾਂ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚੱਲ ਰਹੇ ਸੈਸ਼ਨ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਨਵੰਬਰ ਦੇ ਪਹਿਲੇ ਹਫ਼ਤੇ ਵਿਧਾਨ ਸਭਾ ਸੈਸ਼ਨ ਦੁਬਾਰਾ ਬੁਲਾਇਆ ਜਾਵੇਗਾ ਅਤੇ ਇਸ ਵਿੱਚ ਸਾਰੇ ਬਿੱਲ ਪੇਸ਼ ਕੀਤੇ ਜਾਣਗੇ। ਇਸ ’ਤੇ ਸੱਤਾਧਾਰੀ ਧਿਰ ਅਤੇ ਕਾਂਗਰਸ ਦੇ ਮੈਂਬਰਾਂ ਦੀ ਸਹਿਮਤੀ ਨਾਲ ਸਪੀਕਰ ਨੇ ਦੋ ਦਿਨਾਂ ਸੈਸ਼ਨ ਦੀ ਕਾਰਵਾਈ ਪਹਿਲੇ ਦਿਨ ਬਾਅਦ ਦੁਪਹਿਰ ਮੁਲਤਵੀ ਕਰ ਦਿੱਤੀ। ਵਰਨਣਯੋਗ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਕਾਰ ਵੱਲੋਂ ਬੁਲਾਏ ਗਏ ਇਸ ਦੋ ਰੋਜ਼ਾ ਸੈਸ਼ਨ ਨੂੰ ਬਜਟ ਸੈਸ਼ਨ ਦਾ ਹਿੱਸਾ ਕਰਾਰ ਦਿੰਦਿਆਂ ਸੂਬਾ ਸਰਕਾਰ ਨੂੰ ਤਿੰਨ ਵਿੱਤ ਬਿੱਲ ਪੇਸ਼ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।