ਪੰਜਾਬ ਸਰਕਾਰ ਹੁਣ ਪੰਜਾਬ ਦੇ ਨੌਜਵਾਨਾਂ ਨੂੰ IAS ਅਤੇ IPS ਪ੍ਰੀਖਿਆਵਾਂ ਲਈ ਤਿਆਰੀ ਕਰਵਾਏਗੀ। ਨੌਜਵਾਨਾਂ ਨੂੰ UPSC ਦੀ ਤਿਆਰੀ ਲਈ ਪ੍ਰਾਈਵੇਟ ਕੋਚਿੰਗ ਸੰਸਥਾਵਾਂ ਨੂੰ ਵੱਡੀ ਰਕਮ ਨਹੀਂ ਦੇਣੀ ਪਵੇਗੀ। ਸਰਕਾਰ ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਦੇਣ ਦਾ ਪ੍ਰਬੰਧ ਕਰੇਗੀ। ਪੰਜਾਬ ਭਰ ਵਿੱਚ ਅੱਠ ਹਾਈਟੈਕ ਸੈਂਟਰ ਬਣਾਏ ਜਾਣਗੇ। ਇਨ੍ਹਾਂ ਵਿੱਚ ਹੋਸਟਲਾਂ ਤੋਂ ਲੈ ਕੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਖਾਸ ਗੱਲ ਇਹ ਹੈ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਇਨ੍ਹਾਂ ਸੰਸਥਾਵਾਂ ਵਿੱਚ ਕੋਚਿੰਗ ਲੈ ਸਕੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਹ ਸਿਹਤ ਤੇ ਪਰਿਵਾਰ ਭਲਾਈ, ਬਿਜਲੀ ਅਤੇ ਮੈਡੀਕਲ ਖੋਜ ਵਿਭਾਗ ਵਿੱਚ ਭਰਤੀ ਹੋਏ 252 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਸੈਕਟਰ-35 ਮਿਉਂਸਪਲ ਭਵਨ ਪੁੱਜੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਸਰਕਾਰ ਨੌਜਵਾਨਾਂ ਲਈ ਹਵਾਈ ਅੱਡੇ ਦੇ ਰਨਵੇ ਵਾਂਗ ਕੰਮ ਕਰੇਗੀ।