ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀਰਵਾਰ ਨੂੰ ਕਿਹਾ ਕਿ ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਸਰਜੀਕਲ ਸਟ੍ਰਾਈਕ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਉਹ ਭਾਰਤੀ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜ ਰਿਹਾ ਹੈ। ਰਾਜਪਾਲ ਪੁਰੋਹਿਤ ਨੇ ਸਰਹੱਦ ਪਾਰੋਂ ਭੇਜੇ ਜਾ ਰਹੇ ਨਸ਼ਿਆਂ ਅਤੇ ਡਰੋਨਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਸਰਹੱਦੀ ਜ਼ਿਲਿਆਂ ਦੇ ਦੋ ਦਿਨਾਂ ਦੌਰੇ ‘ਤੇ ਸਨ।
ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਕਿਸੇ ਵੀ ਕੀਮਤ ‘ਤੇ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ। ਜੇਕਰ ਪਾਕਿਸਤਾਨ ਭਾਰਤ ਨਾਲ ਸ਼ਰਾਰਤ ਕਰ ਰਿਹਾ ਹੈ ਤਾਂ ਉਸ ਦੇ ਖਿਲਾਫ ਇੱਕ ਜਾਂ ਦੋ ਸਰਜੀਕਲ ਸਟ੍ਰਾਈਕ ਕੀਤੇ ਜਾਣੇ ਚਾਹੀਦੇ ਹਨ। ਪੁਰੋਹਿਤ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.), ਫੌਜ, ਇੰਟੈਲੀਜੈਂਸ ਬਿਊਰੋ, ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ‘ਤੇ ਤਸੱਲੀ ਪ੍ਰਗਟਾਈ। ਰਾਜਪਾਲ ਨੇ ਪੰਜਾਬ ਦੇ ਬਹਾਦਰ ਸੈਨਿਕਾਂ ਅਤੇ ਕਿਸਾਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਦੇਸ਼ ਦੇ ਅਨਾਜ ਭੰਡਾਰ ਭਰੇ ਪਏ ਹਨ ਅਤੇ ਇਨ੍ਹਾਂ ਦੀ ਮਦਦ ਨਾਲ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ।