ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀ.ਐਲ. ਪੁਰੋਹਿਤ ਵਿਚਾਲੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਦੌਰਾਨ ਹੁਣ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਖੇ ਪੱਤਰ ਵਿੱਚ ਵਿਧਾਨ ਸਭਾ ਦੇ ਬਜਟ ਸੈਸ਼ਨ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਮਾਨ ਵੱਲੋਂ 13 ਫਰਵਰੀ ਨੂੰ ਉਨ੍ਹਾਂ ਨੂੰ ਭੇਜੇ ਪੱਤਰ ਅਤੇ ਟਵੀਟ ‘ਤੇ ਰਾਜਪਾਲ ਨੇ ਕਾਨੂੰਨੀ ਰਾਏ ਲੈ ਕੇ ਹੀ ਬਜਟ ਸੈਸ਼ਨ ਬੁਲਾਉਣ ਦੀ ਬੇਨਤੀ ‘ਤੇ ਫੈਸਲਾ ਲੈਣ ਦੀ ਗੱਲ ਕਹੀ।
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਲਿਖੇ ਪੱਤਰ ਨੂੰ ਗੈਰ-ਸੰਵਿਧਾਨਕ ਅਤੇ ਅਪਮਾਨਜਨਕ ਕਰਾਰ ਦਿੱਤਾ ਹੈ। ਨਾਲ ਹੀ ਕਿਹਾ ਕਿ ਉਹ ਇਸ ਮਾਮਲੇ ‘ਚ ਕਾਨੂੰਨੀ ਰਾਏ ਲੈਣਗੇ ਅਤੇ ਉਸ ਤੋਂ ਬਾਅਦ ਹੀ ਉਨ੍ਹਾਂ ਦੇ ਪੱਤਰ ਦਾ ਜਵਾਬ ਦੇਣਗੇ। ਗੌਰਤਲਬ ਹੈ ਕਿ ਪੰਜਾਬ ਦੇ ਸਰਕਾਰੀ ਅਧਿਆਪਕਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਦੇ ਮੁੱਦੇ ‘ਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਦੂਜੇ ਦੇ ਆਹਮੋ-ਸਾਹਮਣੇ ਆ ਗਏ ਸਨ। ਰਾਜਪਾਲ ਦਾ ਨਾਂ ਲਏ ਬਿਨਾਂ ਸੀ.ਐਮ ਮਾਨ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਦੇ ਫੈਸਲੇ elected ਲੋਕ ਲੈਣਗੇ, selected ਲੋਕ ਨਹੀਂ।