ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਯੂਨੀਵਰਸਿਟੀ (ਪੀ.ਯੂ.) ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਅਤੇ ਲੜਕਿਆਂ ਦੇ ਨਵੇਂ ਹੋਸਟਲ ਦੀ ਉਸਾਰੀ ਲਈ ਜਲਦੀ ਹੀ ਲਗਭਗ 49 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ। ਹੋਸਟਲ ਦਾ ਦੌਰਾ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਦੇ ਦੋ ਮੰਜ਼ਿਲਾ ਹੋਸਟਲ ਦੇ ਸਿਖਰ ‘ਤੇ ਪੰਜ ਹੋਰ ਮੰਜ਼ਿਲਾਂ ਦਾ ਨਿਰਮਾਣ ਕੀਤਾ ਜਾਵੇਗਾ, ਜਦਕਿ ਲੜਕਿਆਂ ਲਈ ਛੇ ਮੰਜ਼ਿਲਾ ਹੋਸਟਲ ਦੀ ਉਸਾਰੀ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਹੋਸਟਲਾਂ ਦੀ ਉਸਾਰੀ ਕੀਤੀ ਜਾਵੇਗੀ। ਇਹ ਹੋਸਟਲ ਵਿਦਿਆਰਥੀਆਂ ਲਈ ਜ਼ਰੂਰੀ ਹਨ ਕਿ ਉਹ ਆਪਣੀ ਪੜ੍ਹਾਈ ਦੌਰਾਨ ਰਹਿਣ ਲਈ ਜਗ੍ਹਾ ਲੱਭਣ ਦੀ ਬਜਾਏ ਆਪਣੀ ਪੜ੍ਹਾਈ ‘ਤੇ ਧਿਆਨ ਦੇਣ। ਪੀਯੂ ਰਾਜ ਦੀ ਸ਼ਾਨਦਾਰ ਵਿਰਾਸਤ ਦਾ ਹਿੱਸਾ ਹੈ ਅਤੇ ਇਸ ਨੇ ਕਈ ਉੱਘੀਆਂ ਸ਼ਖਸੀਅਤਾਂ ਪੈਦਾ ਕੀਤੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਸਟਾਫ਼, ਵਿਦਿਆਰਥੀਆਂ ਅਤੇ ਸੈਨੇਟ ਮੈਂਬਰਾਂ ਨੇ ਉਨ੍ਹਾਂ ਨੂੰ ਬੁਲਾ ਕੇ ਇਨ੍ਹਾਂ ਹੋਸਟਲਾਂ ਦੀ ਉਸਾਰੀ ਲਈ ਅਪੀਲ ਕੀਤੀ ਸੀ। ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਹੋਸਟਲਾਂ ਨੂੰ ਆਧੁਨਿਕ ਤਰੀਕੇ ਨਾਲ ਬਣਾਇਆ ਜਾਵੇਗਾ। ਪੰਜਾਬ ਸਰਕਾਰ ਯੂਨੀਵਰਸਿਟੀ ਦੇ ਵਿਕਾਸ ਲਈ ਵਚਨਬੱਧ ਹੈ ਕਿਉਂਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਨਾਲ ਜੁੜੇ ਹੋਏ ਹਨ। ਮਾਣ ਵਾਲੀ ਗੱਲ ਹੈ ਕਿ ਸਾਡੀ ਪਾਰਟੀ ਦੇ ਕਈ ਵਿਧਾਇਕ ਵੀ ਇਸ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕਰ ਚੁੱਕੇ ਹਨ।