ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਹੋਵੇਗੀ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਇਸ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ‘ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਸ਼ਿਕੰਜਾ ਕੱਸੇਗਾ। ਇਹ ਘੁਟਾਲਾ ਉਦੋਂ ਸਾਹਮਣੇ ਆਇਆ ਸੀ ਜਦੋਂ ਧਰਮਸੋਤ ਸਮਾਜਿਕ ਸੁਰੱਖਿਆ ਮੰਤਰੀ ਸਨ। ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਧਰਮਸੋਤ ਨੂੰ ਕਲੀਨ ਚਿੱਟ ਮਿਲਣ ਦਾ ਦਾਅਵਾ ਕੀਤਾ ਗਿਆ ਸੀ। ਸੀਐਮ ਭਗਵੰਤ ਮਾਨ ਨੇ ਹਾਲ ਹੀ ਵਿੱਚ ਸਕਾਲਰਸ਼ਿਪ ਘੁਟਾਲੇ ਨਾਲ ਜੁੜੀਆਂ ਸਾਰੀਆਂ ਫਾਈਲਾਂ ਆਪਣੇ ਕੋਲ ਰੱਖੀਆਂ ਸਨ। ਸੂਤਰਾਂ ਮੁਤਾਬਿਕ ਸੀਬੀਆਈ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਉਹ ਇਸ ਦੀ ਜਾਂਚ ਕਰਨਾ ਚਾਹੁੰਦੀ ਹੈ। ਜਿਸ ‘ਤੇ ਸੀ.ਐਮ ਮਾਨ ਨੇ ਹਾਮੀ ਭਰੀ ਹੈ। ਰਸਮੀ ਜਾਂਚ ਸ਼ੁਰੂ ਹੁੰਦੇ ਹੀ ਸਾਰੀਆਂ ਫਾਈਲਾਂ ਸੀਬੀਆਈ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਪੰਜਾਬ ਵਿੱਚ ਕੇਂਦਰ ਦੀ ਮਦਦ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਿੱਤੀ ਜਾਂਦੀ ਹੈ। ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਸਾਧੂ ਸਿੰਘ ਧਰਮਸੋਤ ਪੰਜਾਬ ਸਰਕਾਰ ਵਿੱਚ ਸਮਾਜਿਕ ਸੁਰੱਖਿਆ ਮੰਤਰੀ ਸਨ। ਉਨ੍ਹਾਂ ‘ਤੇ ਦੋਸ਼ ਸਨ ਕਿ ਵਜ਼ੀਫੇ ਵੰਡਣ ‘ਚ ਧਾਂਦਲੀ ਹੋਈ ਹੈ। 39 ਕਰੋੜ ਰੁਪਏ ਵੰਡਣ ਦਾ ਕੋਈ ਰਿਕਾਰਡ ਨਹੀਂ ਮਿਲਿਆ। ਸ਼ੱਕ ਕੀਤਾ ਗਿਆ ਸੀ ਕਿ ਇਹ ਪੈਸਾ ਉਨ੍ਹਾਂ ਕਾਲਜਾਂ ਦੇ ਨਾਂ ‘ਤੇ ਘੁਮਾਇਆ ਗਿਆ ਸੀ ਜੋ ਮੌਜੂਦ ਨਹੀਂ ਸਨ। ਇੰਨਾ ਹੀ ਨਹੀਂ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ 16.91 ਕਰੋੜ ਰੁਪਏ ਹੋਰ ਜਾਰੀ ਕੀਤੇ ਗਏ, ਜਿਨ੍ਹਾਂ ਤੋਂ 8 ਕਰੋੜ ਰੁਪਏ ਵਸੂਲੇ ਜਾਣੇ ਸਨ। ਸਾਧੂ ਸਿੰਘ ਧਰਮਸੋਤ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹਨ।