ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਕਾਰਨ ਪਰਾਲੀ ਸਾੜਨ ਦੀਆਂ ਘਟਨਾਵਾਂ ਘੱਟ ਰਹੀਆਂ ਹਨ। ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 17 ਅਕਤੂਬਰ ਤੱਕ ਸੂਬੇ ਭਰ ਵਿੱਚ ਪਰਾਲੀ ਸਾੜਨ ਦੀਆਂ 1847 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜਦਕਿ ਸਾਲ 2021 ਵਿੱਚ ਇਸੇ ਸਮੇਂ ਦੌਰਾਨ 2389 ਹੋਰ ਘਟਨਾਵਾਂ ਵਾਪਰੀਆਂ ਸਨ ਅਤੇ 2020 ‘ਚ 5562 ਮਾਮਲੇ ਸਾਹਮਣੇ ਆਏ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਕਈ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਮਾਮੂਲੀ ਮਾਮਲੇ ਦਰਜ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਰੂਪਨਗਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀ ਕੋਈ ਵੀ ਘਟਨਾ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਸ.ਬੀ.ਐਸ.ਨਗਰ ਅਤੇ ਹੁਸ਼ਿਆਰਪੁਰ ਵਿੱਚ ਦੋ-ਦੋ ਘਟਨਾਵਾਂ ਵਾਪਰੀਆਂ ਹਨ ਜਦਕਿ ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਅੱਗ ਲੱਗਣ ਦੀਆਂ ਸਿਰਫ਼ ਤਿੰਨ ਘਟਨਾਵਾਂ ਵਾਪਰੀਆਂ ਹਨ। ਇਸੇ ਤਰ੍ਹਾਂ ਮਾਨਸਾ, ਬਰਨਾਲਾ, ਫਰੀਦਕੋਟ ਅਤੇ ਐਸ.ਏ.ਐਸ.ਨਗਰ ਜ਼ਿਲ੍ਹਿਆਂ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ 10 ਤੋਂ ਘੱਟ ਘਟਨਾਵਾਂ ਸਾਹਮਣੇ ਆਈਆਂ ਹਨ। ਮੀਤ ਹੇਅਰ ਨੇ ਕਿਹਾ ਕਿ ਇਹ ਅੰਕੜੇ ਸਾਬਿਤ ਕਰਦੇ ਹਨ ਕਿ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਪਰਾਲੀ ਸਾੜਨ ਵਿਰੋਧੀ ਮੁਹਿੰਮ ਅਤੇ ਇਸ ਨੂੰ ਰੋਕਣ ਲਈ ਸਰਕਾਰ ਦੇ ਵਾਤਾਵਰਨ ਪੱਖੀ ਯਤਨਾਂ ਨੂੰ ਹਾਂ ਪੱਖੀ ਸਮਰਥਨ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਨਿਪਟਾਰੇ ਲਈ ਕਿਸਾਨਾਂ ਨੂੰ 90,422 ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਦਕਿ ਇਸ ਸਾਲ ਕਿਸਾਨਾਂ ਨੂੰ 31000 ਹੋਰ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ। ਵਾਤਾਵਰਣ ਮੰਤਰੀ ਨੇ ਅੱਗੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਉਣ ਕਾਰਨ ਪੰਜਾਬ ਦੇ ਏਅਰ ਕੁਆਲਿਟੀ ਇੰਡੈਕਸ-ਏਕਿਊਆਈ ਵਿੱਚ ਵੀ ਪਿਛਲੇ ਸਾਲ ਦੇ ਮੁਕਾਬਲੇ ਸੁਧਾਰ ਹੋਇਆ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ 116 ਦੇ ਮੁਕਾਬਲੇ ਇਸ ਸਾਲ ਪੰਜਾਬ ਦਾ AQI 93 ਹੈ। 0-50 ਵਿਚਕਾਰ AQI ਨੂੰ ਬਿਹਤਰ ਮੰਨਿਆ ਜਾਂਦਾ ਹੈ। ਜਦੋਂ ਕਿ 51-100 ਨੂੰ ਤਸੱਲੀਬਖਸ਼, 101-200 ਆਮ, 201-300 ਮਾੜਾ, 301-400 ਬਹੁਤ ਮਾੜਾ ਅਤੇ 401-500 ਬਹੁਤ ਗੰਭੀਰ ਮੰਨਿਆ ਜਾਂਦਾ ਹੈ।