ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡਾ ਫੈਸਲਾ ਲਿਆ ਹੈ। ਸੂਬਾ ਸਰਕਾਰ ਨੇ ਪੰਜਾਬ ਦੇ ਮਸ਼ਹੂਰ ਖਿਡਾਰੀਆਂ ਨੂੰ ਰਾਜ ਸਭਾ ‘ਚ ਭੇਜਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਿਕ ਇਸ ਸੂਚੀ ਵਿੱਚ ਹਰਭਜਨ ਸਿੰਘ ਦਾ ਨਾਂ ਸਭ ਤੋਂ ਅੱਗੇ ਹੈ। ਦੱਸ ਦੇਈਏ ਕਿ ਚੋਣਾਂ ਦੌਰਾਨ ਭਗਵੰਤ ਮਾਨ ਨੇ ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਉਣ ਦਾ ਵਾਅਦਾ ਕੀਤਾ ਸੀ। ਇਸ ਦੇ ਨਾਲ ਹੀ ਅਜਿਹੀਆਂ ਖਬਰਾਂ ਵੀ ਆਈਆਂ ਸਨ ਕਿ ਹਰਭਜਨ ਸਿੰਘ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਵੀ ਸੰਭਾਲ ਸਕਦੇ ਹਨ। ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਪਹੁੰਚੇ।
ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਖਟਕੜ ਪਿੰਡ ਮੇਰੇ ਲਈ ਨਵਾਂ ਨਹੀਂ ਹੈ। ਮੈਂ ਪਹਿਲਾਂ ਵੀ ਇੱਥੇ ਆਉਂਦਾ ਰਿਹਾ ਹਾਂ। ਪੰਜਾਬ ਵਿੱਚ ਵਿਕਾਸ ਲਈ ਬਹੁਤ ਕੰਮ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇੱਥੇ ਆਉਣ ਦਾ ਇੱਕ ਖਾਸ ਕਾਰਨ ਹੈ। ਇਸ ਤੋਂ ਪਹਿਲਾਂ ਮਹਿਲਾਂ ਵਿੱਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਹੁਣ ਸਹੁੰ ਚੁੱਕ ਸਮਾਗਮ ਸ਼ਹੀਦਾਂ ਦੇ ਪਿੰਡ ਆ ਗਿਆ ਹੈ, ਯਾਦ ਕਰੋ ਉਨ੍ਹਾਂ ਨੂੰ ਜਿਨ੍ਹਾਂ ਨੇ ਸਾਨੂੰ ਇਹ ਦੇਸ਼ ਦਿੱਤਾ ਹੈ, ਸਿਰਫ 23 ਮਾਰਚ ਅਤੇ 28 ਸਤੰਬਰ ਨੂੰ ਹੀ ਨਹੀਂ। ਉਹ ਸਾਡੇ ਦਿਲਾਂ ਵਿੱਚ ਵਸੇ ਹੋਏ ਹਨ। ਖਟਕੜ ਕਲਾਂ ‘ਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇੱਥੇ ਰਹਿ ਕੇ ਦੇਸ਼ ਨੂੰ ਠੀਕ ਕਰਨਾ ਹੈ। ਅਸੀਂ ਦੂਜੇ ਦੇਸ਼ਾਂ ਵਿੱਚ ਧੱਕੇ ਨਹੀਂ ਖਾਣੇ। ਇੱਥੇ ਰਹਿ ਕੇ ਕੰਮ ਕਰਾਂਗੇ। ਖੇਤੀ, ਰੁਜ਼ਗਾਰ, ਕਾਰੋਬਾਰ, ਸਕੂਲ, ਹਸਪਤਾਲ ਕਹਾਣੀ ਬਹੁਤ ਗੁੰਝਲਦਾਰ ਹੈ। ਤੁਹਾਡੇ ਨਾਲ ਮਿਲ ਕੇ, ਅਸੀਂ ਇਸ ਨੂੰ ਹੱਲ ਕਰਨਾ ਹੈ।