ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 12 ਅਪ੍ਰੈਲ ਨੂੰ ਮੁਹਾਲੀ ਹੈੱਡਕੁਆਰਟਰ ਵਿਖੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਕਾਂਗਰਸ ਸਰਕਾਰ ‘ਚ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। ਉਹ ਲਗਭਗ 3 ਮਹੀਨੇ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ। ਦੱਸ ਦੇਈਏ ਕਿ ਪਿਛਲੇ ਮਹੀਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਨੇ ਚੰਨੀ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਸੀ।
ਲੁੱਕ ਆਊਟ ਨੋਟਿਸ ਜਾਰੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਚੰਨੀ ਨੂੰ ਵਿਦੇਸ਼ ਨਾ ਜਾਣ ਲਈ ਕਿਹਾ ਗਿਆ ਸੀ। ਇਸ ‘ਤੇ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਇੱਕ ਧਾਰਮਿਕ ਪ੍ਰੋਗਰਾਮ ‘ਚ ਸ਼ਾਮਿਲ ਹੋਣ ਲਈ ਅਮਰੀਕਾ ਜਾਣਾ ਸੀ। ਪਰ ਜੇ ਮੈਂ ਇੱਥੋਂ ਚਲਾ ਗਿਆ ਤਾਂ ਲੋਕ ਕਹਿਣਗੇ ਕਿ ਮੈਂ ਇੱਥੋਂ ਭੱਜ ਗਿਆ ਹਾਂ। ਇਸੇ ਲਈ ਮੈਂ ਵਿਦੇਸ਼ ਦੌਰਾ ਰੱਦ ਕਰ ਦਿੱਤਾ ਹੈ। ਉਨ੍ਹਾਂ ਸਰਕਾਰ ‘ਤੇ ਉਨ੍ਹਾਂ ਨੂੰ ਫਸਾਉਣ ਦਾ ਦੋਸ਼ ਵੀ ਲਾਇਆ ਸੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਤੋਂ ਇਲਾਵਾ ਚੰਨੀ ‘ਤੇ ਆਪਣੇ ਨਿੱਜੀ ਸਮਾਗਮਾਂ ਲਈ ਸਰਕਾਰੀ ਖਜ਼ਾਨੇ ਦੀ ਵਰਤੋਂ ਕਰਨ ਦਾ ਵੀ ਦੋਸ਼ ਹੈ।