ਇਸ ਸਮੇਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਇੱਕ ਸੜਕ ਹਾਦਸੇ ਦੇ ਵਿੱਚ ਮੌਤ ਹੋ ਗਈ ਹੈ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ KMP ‘ਤੇ ਸਿੰਘੂ ਬਾਰਡਰ ਨੇੜੇ ਵਾਪਰੇ ਇੱਕ ਸੜਕ ਹਾਦਸੇ ਦੇ ਵਿੱਚ ਅਦਾਕਾਰ ਦੀਪ ਸਿੱਧੂ ਦੀ ਮੌਤ ਹੋਈ ਹੈ। ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਪੰਜਾਬ ਪਰਤ ਰਿਹਾ ਸੀ। ਦੀਪ ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ਵਿੱਚ ਆਇਆ ਸੀ। ਲਾਲ ਕਿਲ੍ਹੇ ਵਿੱਚ ਵਾਪਰੀ ਘਟਨਾ ਵਿੱਚ ਵੀ ਉਸ ਨੂੰ ਮੁਲਜ਼ਮ ਬਣਾਇਆ ਗਿਆ ਸੀ। ਇਸ ਮਾਮਲੇ ਵਿੱਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸਿੱਧੂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਲਈ ਚੋਣ ਪ੍ਰਚਾਰ ਵੀ ਕਰ ਰਹੇ ਸਨ।
ਅਪ੍ਰੈਲ 1984 ਵਿੱਚ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿੱਚ ਜਨਮੇ ਦੀਪ ਸਿੱਧੂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਨਾਲ ਕੀਤੀ ਸੀ। ਦੀਪ ਸਿੱਧੂ ਨੇ ਕਾਨੂੰਨ ਦੀ ਪੜ੍ਹਾਈ ਕੀਤੀ ਸੀ। ਦੀਪ ਕਿੰਗਫਿਸ਼ਰ ਮਾਡਲ ਹੰਟ ਦਾ ਜੇਤੂ ਵੀ ਰਿਹਾ ਸੀ। ਮਿਸਟਰ ਇੰਡੀਆ ਮੁਕਾਬਲੇ ਵਿੱਚ ਮਿਸਟਰ ਪਰਸਨੈਲਿਟੀ ਦਾ ਖਿਤਾਬ ਵੀ ਜਿੱਤਿਆ। ਦੀਪ ਸਿੱਧੂ ਦੀ ਪਹਿਲੀ ਪੰਜਾਬੀ ਫਿਲਮ ‘ਰਮਤਾ ਜੋਗੀ’ ਸਾਲ 2015 ‘ਚ ਰਿਲੀਜ਼ ਹੋਈ ਸੀ। ਹਾਲਾਂਕਿ, ਦੀਪ ਨੇ 2018 ਦੀ ਫਿਲਮ ਜੋਰਾ ਦਾਸ ਨੰਬਰੀਆ ਨਾਲ ਪ੍ਰਸਿੱਧੀ ਪ੍ਰਾਪਤ ਕੀਤੀ ਸੀ।