ਜਲੰਧਰ ਦਿਹਾਤੀ ਦੇ ਥਾਣਾ ਆਦਮਪੁਰ ਅਧੀਨ ਪੈਂਦੇ ਪਿੰਡ ਪਧਿਆਣਾ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 6 ਮਹੀਨੇ ਪਹਿਲਾਂ ਪਿੰਡ ਪਧਿਆਣਾ ਦੇ ਦਮਨਜੋਤ ਸਿੰਘ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ 40 ਲੱਖ ਰੁਪਏ ਲਗਾ ਕੇ ਅਮਰੀਕਾ ਭੇਜਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ਤੋਂ ਫੋਨ ਆਇਆ ਸੀ ਕਿ ਉਨ੍ਹਾਂ ਦੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦਮਨਜੋਤ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਲੋਕਾਂ ਦੇ ਨਾਲ-ਨਾਲ ਰਿਸ਼ਤੇਦਾਰ ਵੀ ਦਮਨਜੋਤ ਦੇ ਘਰ ਪੁੱਜਣੇ ਸ਼ੁਰੂ ਹੋ ਗਏ ਹਨ। ਪਿੰਡ ਦੇ ਨੰਬਰਦਾਰ ਨੇ ਦੱਸਿਆ ਕਿ ਦਮਨਜੋਤ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਮਨਜੋਤ ਸਿੰਘ ਦੀ ਲਾਸ਼ ਅਮਰੀਕਾ ਤੋਂ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਵਿਦੇਸ਼ਾਂ ਵਿੱਚ ਰਿਸ਼ਤੇਦਾਰਾਂ ਅਤੇ ਭਾਰਤ ਵਿੱਚ ਅਮਰੀਕੀ ਦੂਤਾਵਾਸ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਆਪਣੇ ਪੁੱਤ ਨੂੰ ਆਖਰੀ ਵਾਰ ਦੇਖਣਾ ਚਾਹੁੰਦੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਬੇਟੇ ਨੂੰ ਕਦੇ ਕੋਈ ਬਿਮਾਰੀ ਨਹੀਂ ਸੀ ਹੋਈ ਪਰ ਉਨ੍ਹਾਂ ਦੀਆਂ ਸਾਰੀਆਂ ਖੁਸ਼ੀਆਂ ਇੱਕ ਝਟਕੇ ਵਿੱਚ ਖੋਹ ਲਈਆਂ ਗਈਆਂ।