ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਮੁੱਦਾ ਰਾਜ ਸਭਾ ‘ਚ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਲੋੜ ਨੂੰ ਖਤਮ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਇਹ ਸ਼ਰਤ ਖ਼ਤਮ ਕਰਾਉਣੀ ਚਾਹੀਦੀ ਹੈ। ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਮੌਜੂਦਾ ਆਨਲਾਈਨ ਪ੍ਰਕਿਰਿਆ ਨੂੰ ਬਹੁਤ ਗੁੰਝਲਦਾਰ ਦੱਸਦਿਆਂ ਇਸ ਨੂੰ ਆਸਾਨ ਬਣਾਉਣ ਦੀ ਗੱਲ ਕਹੀ।
ਅੱਜ ਦੇਸ਼ ਦੀ ਪਾਰਲੀਮੈਂਟ ਵਿੱਚ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਸੰਗਤ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਮੁੱਦਾ ਚੁੱਕਦੇ ਹੋਏ 3 ਮੰਗਾਂ ਨੂੰ ਅੱਗੇ ਰੱਖਿਆ –
1.ਸੰਗਤਾਂ ਤੋ ਲਈ ਜਾਣ ਵਾਲੀ $20 ਫੀਸ ਬੰਦ ਹੋਵੇ
2.ਪਾਸਪੋਰਟ ਦੇ ਬਿਨਾ ਦਰਸ਼ਨਾਂ ਦੀ ਆਗਿਆ ਦਿੱਤੀ ਜਾਵੇ
3.ਆਨਲਾਈਨ ਪ੍ਰੀਕਿਰਿਆ ਸੌਖੀ ਕੀਤੀ ਜਾਵੇ pic.twitter.com/lwafsEA8im— Raghav Chadha (@raghav_chadha) December 9, 2022
ਇਸ ਤੋਂ ਇਲਾਵਾ ਉਨ੍ਹਾਂ ਸ਼ਰਧਾਲੂਆਂ ਤੋਂ ਵਸੂਲੀ ਜਾਣ ਵਾਲੀ 20 ਡਾਲਰ ਦੀ ਫੀਸ ਨੂੰ ਰੋਕਣ ਦੀ ਵੀ ਮੰਗ ਕੀਤੀ। ਰਾਘਵ ਚੱਢਾ ਨੇ ਕਿਹਾ ਕਿ ਜੇਕਰ ਇੱਕ ਪਰਿਵਾਰ ਦੇ 5 ਮੈਂਬਰ ਦਰਸ਼ਨਾਂ ਲਈ ਜਾਂਦੇ ਹਨ ਤਾਂ ਉਨ੍ਹਾਂ ਨੂੰ ਇੱਕ ਵਾਰ ਵਿੱਚ ਕੁੱਲ 8,000 ਰੁਪਏ ਦੇਣੇ ਪੈਂਦੇ ਹਨ। ਜ਼ਿਕਰਯੋਗ ਹੈ ਕਿ ਸ਼੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੀ ਸਰਹੱਦ ‘ਤੇ ਸਥਿਤ ਹੈ। ਸਿੱਖ ਧਰਮ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਕਰਤਾਰਪੁਰ ਸਾਹਿਬ ਵਿੱਚ ਬਿਤਾਏ ਸਨ। ਕਰਤਾਰਪੁਰ ਜਾਣ ਵਾਲੀ ਸੜਕ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦੀ ਹੈ। ਇਹ ਕੋਰੀਡੋਰ ਨਵੰਬਰ 2019 ਵਿੱਚ ਖੋਲ੍ਹਿਆ ਗਿਆ ਸੀ।