ਕਾਂਗਰਸ ਆਗੂ ਰਾਹੁਲ ਗਾਂਧੀ ਸੋਮਵਾਰ ਸ਼ਾਮ ਨੂੰ ਇੱਕ ਵਾਰ ਫਿਰ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਇੱਥੇ ਉਨ੍ਹਾਂ ਪਰਿਕਰਮਾ ਵਿੱਚ ਸ਼ਰਧਾਲੂਆਂ ਨੂੰ ਜਲ ਛਕਾਉਣ ਦੀ ਸੇਵਾ ਕੀਤੀ ਹੈ। ਇਸ ਤੋਂ ਪਹਿਲਾ ਰਾਹੁਲ ਗਾਂਧੀ ਨੇ ਦੁਪਹਿਰ ਵੇਲੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ। ਇਸ ਤੋਂ ਬਾਅਦ ਉਨ੍ਹਾਂ ਲੰਗਰ ਹਾਲ ਵਿੱਚ ਭਾਂਡੇ ਧੋਣ ਦੀ ਸੇਵਾ ਕੀਤੀ। ਉਹ ਕਾਫੀ ਸਮਾਂ ਹਰਿਮੰਦਰ ਸਾਹਿਬ ਵਿਚ ਰਹੇ। ਇਸ ਤੋਂ ਬਾਅਦ ਉਹ ਹੋਟਲ ਵਾਪਿਸ ਆ ਗਏ।
ਇਸ ਦੌਰਾਨ ਰਾਹੁਲ ਗਾਂਧੀ ਨੇ ਸਿਰ ‘ਤੇ ਨੀਲੇ ਰੰਗ ਦਾ ਸਕਾਰਫ ਪਾਇਆ ਹੋਇਆ ਸੀ। ਇਸ ਤੋਂ ਪਹਿਲਾਂ ਜਦੋਂ ਉਹ ਭਾਰਤ ਜੋੜੋ ਯਾਤਰਾ ਦੌਰਾਨ ਆਏ ਸਨ ਤਾਂ ਉਨ੍ਹਾਂ ਨੇ ਪੱਗ ਬੰਨ੍ਹੀ ਸੀ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਠਹਿਰਨ ਲਈ ਸਰਾਏ ‘ਚ ਪ੍ਰਬੰਧ ਕੀਤੇ ਗਏ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਇਸ ਨੂੰ ਰੱਦ ਕਰਨਾ ਪਿਆ। ਜਿਸ ਤੋਂ ਬਾਅਦ ਉਹ ਹੋਟਲ ਵਿੱਚ ਰੁਕੇ। ਉਨ੍ਹਾਂ ਦੀ ਇਸ ਫੇਰੀ ਨੂੰ ਗੁਪਤ ਰੱਖਿਆ ਗਿਆ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦਾ ਸਵਾਗਤ ਕਰਨ ਆਦਿ ਲਈ ਨਹੀਂ ਆਏ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।