ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ। ਇਸ ਤੋਂ ਪਹਿਲਾਂ ਬਠਿੰਡਾ ਦੇਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਵਿੱਚ ਸ਼ਾਮਿਲ ਹੋ ਗਈ ਸੀ।
ਇਹ ਵੀ ਚਰਚਾ ਹੈ ਕਿ ਖਰੜ ਤੋਂ ਵਿਧਾਇਕ ਕੰਵਰ ਸੰਧੂ ਵੀ ਕਾਂਗਰਸ ਵਿੱਚ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਨੇ ਲੰਘੇ ਦਿਨ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਕੀਤੀ ਸੀ। ਉਂਝ ਕੰਵਰ ਸੰਧੂ ਨੇ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ 7 ਵਿਧਾਇਕ ਹੁਣ ਤਕ ਪਾਰਟੀ ਛੱਡ ਚੁੱਕੇ ਹਨ। ਜਦਕਿ ਬਲਦੇਵ ਸਿੰਘ ਤੇ ਐਚਐਸ ਫੂਲਕਾ ਨੇ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਇਲਾਵਾ ਕੰਵਰ ਸੰਧੂ, ਨਾਜਰ ਸਿੰਘ ਨੂੰ ਪਾਰਟੀ ਤੋਂ ਪਾਸੇ ਕਰ ਦਿੱਤਾ ਗਿਆ ਸੀ। ਇਸ ਸਮੇਂ ‘ਆਪ’ ‘ਚ ਸਿਰਫ਼ 10 ਵਿਧਾਇਕ ਹੀ ਸਰਗਰਮ ਨਜ਼ਰ ਆ ਰਹੇ ਹਨ, ਜਿਨ੍ਹਾਂ ਦੀ ਟਿਕਟ ਬਾਰੇ ਪਾਰਟੀ ਨੇ ਹਾਲ ਹੀ ਐਲਾਨ ਕੀਤਾ ਸੀ।