ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸਸਪੈਂਡ ਕੀਤਾ ਗਿਆ ਹੈ। ਪਾਰਟੀ ਵਿੱਚੋਂ ਮੁਅੱਤਲ ਕਰਨ ਅਤੇ ਕੱਢਣ ਵਿੱਚ ਕੋਈ ਫਰਕ ਨਹੀਂ ਹੈ। ਇਸ ਲਈ ਉਹ ਇਸ ਵਾਰ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਨਹੀਂ ਹੋਣਗੇ। ਨਵਜੋਤ ਸਿੰਘ ਸਿੱਧੂ ਦਾ ਨਾਂ ਲਏ ਬਿਨਾਂ ਵੜਿੰਗ ਨੇ ਕਿਹਾ ਕਿ ਪਾਰਟੀ ਵਿੱਚ ਜਿਸ ਕਿਸੇ ਨੇ ਵੀ ਕੋਈ ਗਲਤੀ ਕੀਤੀ ਹੈ ਜਾਂ ਕਰ ਰਿਹਾ ਹੈ, ਉਸ ਖਿਲਾਫ ਨੋਟਿਸ ਜਾਰੀ ਨਹੀਂ ਕੀਤਾ ਜਾਵੇਗਾ। ਸਗੋਂ ਉਸ ਨੂੰ ਸਿੱਧੇ ਤੌਰ ‘ਤੇ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਜਾਵੇਗਾ। ਪਾਰਟੀ ਤੋਂ ਵੱਡਾ ਕੋਈ ਨਹੀਂ। ਵੜਿੰਗ ਨੇ ਕਿਹਾ ਕਿ ਮੁਖੀ ਹੋਣ ਦੇ ਬਾਵਜੂਦ ਇਹ ਗੱਲ ਉਨ੍ਹਾਂ ‘ਤੇ ਵੀ ਲਾਗੂ ਹੁੰਦੀ ਹੈ। ਜਿੰਨਾ ਚਿਰ ਕੋਈ ਆਗੂ ਜਾਂ ਵਰਕਰ ਕਾਂਗਰਸ ਵਿੱਚ ਹੈ, ਉਹ ਜਨਤਕ ਮੰਚਾਂ ’ਤੇ ਆਪਣੇ ਨਿੱਜੀ ਵਿਚਾਰਾਂ ਦਾ ਪ੍ਰਗਟਾਵਾ ਨਹੀਂ ਕਰ ਸਕਦਾ।
ਜੇਕਰ ਕੋਈ ਅਜਿਹਾ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਇਹ ਸਭ ਕੁਝ ਪਾਰਟੀ ਦੇ ਮੰਚ ਤੋਂ ਬਾਹਰ ਹੋ ਕੇ ਕਰਨਾ ਚਾਹੀਦਾ ਹੈ। ਵੜਿੰਗ ਅਤੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਯੋਗਿੰਦਰ ਯਾਦਵ ਪਾਰਟੀ ਦੇ ਜ਼ਿਲ੍ਹਾ ਅਤੇ ਬਲਾਕ ਪ੍ਰਧਾਨਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਮੰਗਲਵਾਰ ਨੂੰ ਪਟਿਆਲਾ ਪੁੱਜੇ ਸਨ। ਵੜਿੰਗ ਨੇ ਦੱਸਿਆ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਜ਼ਬੂਤੀ ਅਤੇ ਪਟਿਆਲਾ ਸੀਟ ਲਈ ਉਮੀਦਵਾਰ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ।