ਕਿਸਾਨ ਆਗੂ ਰਾਕੇਸ਼ ਟਿਕੈਤ ਸੋਮਵਾਰ ਨੂੰ ਅੰਮ੍ਰਿਤਸਰ ਪੁੱਜੇ ਸਨ। ਇੱਥੇ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਰਾਕੇਸ਼ ਟਿਕੈਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਰਾਕੇਸ਼ ਟਿਕੈਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਰਕਾਰ ਨੂੰ ਪੱਤਰ ਲਿਖ ਰਹੇ ਹਨ ਕਿ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਹੜ੍ਹਾਂ ਕਾਰਨ ਤਬਾਹ ਹੋ ਗਈਆਂ ਹਨ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਅਸੀਂ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਅਰਦਾਸ ਕਰ ਰਹੇ ਹਾਂ ਕਿ ਪ੍ਰਮਾਤਮਾ ਸਾਨੂੰ ਇਨ੍ਹਾਂ ਸਾਰੀਆਂ ਮੁਸੀਬਤਾਂ ਤੋਂ ਦੂਰ ਰੱਖੇ। ਉਨ੍ਹਾਂ ਕਿਹਾ ਕਿ ਗੁਰੂਘਰਾਂ ਨੇ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅੰਦੋਲਨ ਕਰਦੇ ਰਹਾਂਗੇ, ਤਾਂ ਹੀ ਜਥੇਬੰਦੀ ਮਜਬੂਤ ਰਹੇਗੀ ਅਤੇ ਅਸੀਂ ਜਿਉਂਦੇ ਰਹਾਂਗੇ। ਟਿਕੈਤ ਐਤਵਾਰ ਨੂੰ ਸਰਹੱਦੀ ਖੇਤਰ ਅਜਨਾਲਾ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਨ ਪਹੁੰਚੇ ਸਨ। ਇਸ ਤੋਂ ਬਾਅਦ ਉਹ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲੇ ਅਤੇ ਉਨ੍ਹਾਂ ਅੱਗੇ ਕਿਸਾਨਾਂ ਦੀਆਂ ਮੰਗਾਂ ਰੱਖੀਆਂ।
