ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਰਣਜੀਤ ਕਤਲ ਕੇਸ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਰਾਮ ਰਹੀਮ ਨੂੰ ਉਮਰ ਕੈਦ ਦੇ ਨਾਲ-ਨਾਲ 31 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ। ਰਾਮ ਰਹੀਮ ਤੋਂ ਇਲਾਵਾ ਚਾਰ ਹੋਰਾਂ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਜ਼ਾ ਦੇ ਨਾਲ ਦੋਸ਼ੀਆਂ ਨੂੰ 50-50 ਹਜ਼ਾਰ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ। ਰਣਜੀਤ ਸਿੰਘ ਕਤਲ ਕੇਸ ਵਿੱਚ 19 ਸਾਲਾਂ ਪਿੱਛੋਂ ਇਨਸਾਫ ਮਿਲਿਆ ਹੈ। 10 ਜੁਲਾਈ 2002 ਵਿੱਚ ਰਣਜੀਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ।
ਹਾਲਾਂਕਿ, ਰਾਮ ਰਹੀਮ ਜ਼ਬਰ-ਜਨਾਹ ਅਤੇ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਪਹਿਲਾਂ ਤੋਂ ਹੀ ਸਜ਼ਾ ਭੁਗਤ ਰਿਹਾ ਹੈ। ਰਣਜੀਤ ਸਿੰਘ ਡੇਰੇ ਦੀ ਪ੍ਰਬੰਧਕ ਕਮੇਟੀ ਦਾ ਮੈਂਬਰ ਸੀ। ਸਾਲ 2002 ਵਿੱਚ ਉਨ੍ਹਾਂ ਦਾ ਕਤਲ ਹੋਇਆ ਸੀ, ਜਿਸਦਾ ਇਲਜ਼ਾਮ ਡੇਰਾ ਮੁਖੀ ‘ਤੇ ਲੱਗਿਆ ਸੀ। 12 ਅਕਤੂਬਰ ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਸੁਣਵਾਈ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਨਾਲ ਜੁੜਿਆ ਹੋਇਆ ਸੀ। ਮਾਮਲੇ ਦੇ ਹੋਰ ਚਾਰ ਦੋਸ਼ੀ ਕ੍ਰਿਸ਼ਨ ਲਾਲ, ਅਵਤਾਰ, ਸਬਦੀਲ ਅਤੇ ਜਸਬੀਰ ਅਦਾਲਤ ਵਿੱਚ ਮੌਜੂਦ ਸਨ।