ਦੇਸ਼ ਦੇ ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ 86 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਰਤਨ ਟਾਟਾ ਪਿਛਲੇ ਕਈ ਦਿਨਾਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖਲ ਸਨ। ਇਲਾਜ ਦੌਰਾਨ ਉਨ੍ਹਾਂ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਸੀ। ਬੁੱਧਵਾਰ ਦੇਰ ਰਾਤ ਟਾਟਾ ਗਰੁੱਪ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ। ਉਦਯੋਗਪਤੀ ਰਤਨ ਟਾਟਾ ਦੀ ਖਰਾਬ ਸਿਹਤ ਦੀ ਖਬਰ ਸੋਮਵਾਰ ਨੂੰ ਸਾਹਮਣੇ ਆਈ ਸੀ। ਰਤਨ ਟਾਟਾ ਨੇ ਖੁਦ ‘ਐਕਸ’ ‘ਤੇ ਪੋਸਟ ਕੀਤਾ ਸੀ ਅਤੇ ਅਫਵਾਹਾਂ ਨਾ ਫੈਲਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਹ ਰੁਟੀਨ ਚੈਕਅੱਪ ਲਈ ਆਏ ਸੀ। ਹਾਲਾਂਕਿ ਬੁੱਧਵਾਰ ਦੇਰ ਸ਼ਾਮ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਆਈ.ਸੀ.ਯੂ. ਵਿੱਚ ਭਰਤੀ ਕਰਵਾਇਆ ਗਿਆ। ਪਰ ਦੇਰ ਰਾਤ, ਕਾਰੋਬਾਰੀ ਹਰਸ਼ ਗੋਇਨਕਾ ਨੇ ਸਭ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਟਾਟਾ ਗਰੁੱਪ ਨੇ ਵੀ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।