ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦੇ ਟਵਿੱਟਰ ਅਕਾਊਂਟ ਨੂੰ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਟਵਿੱਟਰ ਖਾਤਾ ਬੰਦ ਕਰਨ ਸਬੰਧੀ ਉਨ੍ਹਾਂ ਵੱਲੋਂ ਖੁਦ ਸੋਸ਼ਲ ਮੀਡੀਆ ਉੱਪਰ ਜਾਣਕਾਰੀ ਦਿੱਤੀ ਗਈ ਹੈ। ਦੱਸ ਦਈਏ ਕਿ ਰਵੀ ਸਿੰਘ ਖਾਲਸਾ ਲੋਕਾਂ ਦੀ ਮਦਦ ਕਰਦੇ ਹਨ। ਉਹ ਖਾਲਸਾ ਏਡ ਰਾਹੀਂ ਦੁਨੀਆ ਭਰ ਵਿੱਚ ਜਿੱਥੇ ਲੋਕਾਂ ਨੂੰ ਮਦਦ ਦੀ ਲੋੜ ਹੁੰਦੀ ਹੈ, ਉਹ ਖਾਣਾ ਅਤੇ ਹੋਰਨਾਂ ਲੋੜਵੰਦ ਦੀ ਚੀਜ਼ਾਂ ਪਹੁੰਚਾਉਣ ਵਿੱਚ ਮਦਦ ਕਰਦੇ ਹਨ।
ਰਵੀ ਸਿੰਘ ਖਾਲਸਾ ਨੇ ਭਾਜਪਾ ਸਰਕਾਰ ‘ਤੇ ਨਿਸ਼ਾਨਾ ਲਾਉਂਦਿਆ ਕਿਹਾ ਕਿ ਬੀਜੇਪੀ ਅਧੀਨ ਲੋਕਤੰਤਰ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਸਿੱਖਾਂ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾਉਣਾ ਸਾਨੂੰ ਆਪਣੀ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕੇਗਾ! ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਮਰਹੂਮ ਵਿਸ਼ਵ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਐਸਵਾਈਐਲ ਗੀਤ ਅਤੇ ਕਿਸਾਨ ਮੋਰਚੇ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਹੈ। ਭਾਰਤ ਸਰਕਾਰ ਦੀ ਇਸ ਕਾਰਵਾਈ ਨੂੰ ਲੈਕੇ ਲੋਕਾਂ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ।