ਪੰਜਾਬ ਕਾਂਗਰਸ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਿਨਾ ਕਿਸੇ ਮੁੱਖ ਮੰਤਰੀ ਚਿਹਰੇ ਦੇ ਲੜ ਸਕਦੀ ਹੈ। ਇਸ ਗੱਲ ਦੇ ਸੰਕੇਤ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਇੱਕ ਚੈੱਨਲ ਦੇ ਨਾਲ ਗੱਲਬਾਤ ਕਰਦਿਆਂ ਦਿੱਤੇ ਹਨ। ਪੰਜਾਬ ਕਾਂਗਰਸ ਦੇ ਨਵੇਂ ਮੁੱਖ ਮੰਤਰੀ ਦਾ ਫ਼ੈਸਲਾ ਸੂਬਾਈ ਚੋਣਾਂ ਤੋਂ ਬਾਅਦ ਕੀਤਾ ਜਾਵੇਗਾ, ਇੰਝ ਕਾਂਗਰਸ ਨਵਜੋਤ ਸਿੰਘ ਸਿੱਧੂ ਬਨਾਮ ਚਰਨਜੀਤ ਸਿੰਘ ਚੰਨੀ ਦੇ ਟਕਰਾਅ ਨੂੰ ਘੱਟ ਤੋਂ ਘੱਟ ਅਗਲੇ ਸਾਲ ਦੇ ਸ਼ੁਰੂ ਤੱਕ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ “ਪੰਜਾਬ ਕਾਂਗਰਸ ਦੇ ਮੁਖੀ” ਹਨ।
ਰਾਵਤ ਨੇ ਕਿਹਾ, “ਦੋਵੇਂ ਮਿਲ ਕੇ ਕੰਮ ਕਰਨਗੇ, ਚੋਣ ਜਿੱਤਣਗੇ ਅਤੇ ਫਿਰ ਕਾਂਗਰਸ ਪ੍ਰਧਾਨ ਮੁੱਖ ਮੰਤਰੀ ਬਾਰੇ ਫੈਸਲਾ ਲੈਣਗੇ। ਰਾਵਤ ਨੇ ਕਿਸੇ ਵੀ ਤਰਾਂ ਦਾ ਵਿਵਾਦ ਹੋਣ ਦੇ ਸਵਾਲ ਨੂੰ ਟਾਲਦਿਆਂ ਅਤੇ ਰਿਪੋਰਟਾਂ ਨੂੰ “ਸਿੱਧੂ ਵਿੱਚ ਮੀਡੀਆ ਦੀ ਵਧੇਰੇ ਦਿਲਚਸਪੀ” ਲਈ ਜ਼ਿੰਮੇਵਾਰ ਠਹਿਰਾਇਆ। ਦਰਅਸਲ ਪੰਜਾਬ ਕਾਂਗਰਸ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਜਾਰੀ ਹੈ। ਜਿੱਥੇ ਪਹਿਲਾ ਕੈਪਟਨ ਤੇ ਨਵਜੋਤ ਸਿੱਧੂ ਇੱਕ ਦੂਜੇ ਦੇ ਖਿਲਾਫ ਖੜ੍ਹੇ ਸਨ, ਉੱਥੇ ਹੀ ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਦੀਆਂ ਦੂਰੀਆਂ ਵੱਧਦੀਆਂ ਨਜ਼ਰ ਆ ਰਹੀਆਂ ਹਨ।