ਟ੍ਰਾਂਸਪੋਟੇਸ਼ਨ ਟੈਂਡਰ ਘੁਟਾਲੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸ਼ਨੀਵਾਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸੋਮਵਾਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੂੰ ਡਿਊਟੀ ਮੈਜਿਸਟਰੇਟ ਆਰਤੀ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। 4 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਵਿਜੀਲੈਂਸ ਵੱਲੋਂ ਆਸ਼ੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਆਸ਼ੂ ਅਤੇ ਠੇਕੇਦਾਰ ਤੇਲੂ ਰਾਮ ਨੂੰ ਵੀ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਸੀ। ਇੱਕ ਦਿਨ ਪਹਿਲਾਂ ਬਰਖਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਅਨਾਜ ਢੋਆ-ਢੁਆਈ ਘਪਲੇ ਵਿੱਚ ਐਸਐਸਪੀ ਵਿਜੀਲੈਂਸ ਨੂੰ ਇੱਕ ਹੋਰ ਸ਼ਿਕਾਇਤ ਸੌਂਪੀ ਸੀ। ਇਸ ਤੋਂ ਬਾਅਦ ਸਾਬਕਾ ਮੰਤਰੀ ਆਸ਼ੂ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ।
