ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਮੰਗਲਵਾਰ ਨੂੰ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਪੰਜਾਬ ਅਤੇ ਹਰਿਆਣਾ ਨਾਲ ਸਬੰਧਿਤ ਆਰਐਸਐਸ ਅਤੇ ਭਾਜਪਾ ਦੇ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਦਖ਼ਲਅੰਦਾਜ਼ੀ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਮੋਹਨ ਭਾਗਵਤ ਨੂੰ ਅਪੀਲ ਕੀਤੀ ਹੈ ਕਿ ਜੇਕਰ ਅਜਿਹਾ ਉਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਹੋਇਆ ਹੈ ਤਾਂ ਇਸ ਦਾ ਨੋਟਿਸ ਦੇ ਕੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਇਹ ਮਾਮਲਾ ਉਨ੍ਹਾਂ ਦੇ ਧਿਆਨ ‘ਚ ਹੈ ਤਾਂ ਇਸ ‘ਤੇ ਮੁੜ ਵਿਚਾਰ ਕਰਨ।
ਅਨੁਸ਼ਾਸਨੀ ਕਮੇਟੀ ਦੇ ਮੈਂਬਰਾਂ ਵੱਲੋਂ ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਤੋਂ ਪਹਿਲਾਂ ਹੀ ਭਾਜਪਾ ਅਤੇ ਕਾਂਗਰਸੀ ਆਗੂਆਂ ਦੇ ਸੰਪਰਕ ਵਿੱਚ ਹੋਣ ਦਾ ਦਾਅਵਾ ਕੀਤਾ ਗਿਆ ਸੀ। ਇਸ ਸਬੰਧੀ ਅਨੁਸ਼ਾਸਨੀ ਕਮੇਟੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੇ ਇੱਕ ਹੋਰ ਮੈਂਬਰ ਨਾਲ ਗੱਲਬਾਤ ਦੀ ਰਿਕਾਰਡਿੰਗ ਵੀ ਸੁਣਾਈ ਸੀ। ਕਿਹਾ ਸੀ ਕਿ ਕਿਸ ਤਰ੍ਹਾਂ ਭਾਜਪਾ-ਕਾਂਗਰਸ SGPC ਮੈਂਬਰਾਂ ਨੂੰ ਆਪਣੀ ਪਾਰਟੀ ‘ਚ ਸ਼ਾਮਿਲ ਕਰਨ ਲਈ ਲੁਭਾਉਣ ਦੀ ਕੋਸ਼ਿਸ਼ ਕਰ ਰਹੇ ਹਨ।