ਪੰਜਾਬ ਵਿੱਚ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ 48 ਘੰਟਿਆਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਇਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਮੁੱਦਾ ਵਿਚਾਰਿਆ ਗਿਆ। ਮੀਟਿੰਗ ਵਿੱਚ ਸੁਰਜੀਤ ਸਿੰਘ ਰੱਖੜਾ ਅਤੇ ਡਾ: ਦਲਜੀਤ ਸਿੰਘ ਚੀਮਾ ਨੇ ਬੀਬੀ ਜਗੀਰ ਕੌਰ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਦੀ ਰਿਪੋਰਟ ਪਾਰਟੀ ਪ੍ਰਧਾਨ ਨੂੰ ਸੌਂਪੀ। ਇਸ ਮਗਰੋਂ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਵਿੱਚ ਬੀਬੀ ਜਗੀਰ ਕੌਰ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ।
ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਜੇਕਰ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਦੀ ਹੈ ਤਾਂ ਅਕਾਲੀ ਦਲ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰ ਸਕਦਾ ਹੈ।