ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਗਲਤ ਬਿਆਨਬਾਜ਼ੀ ਕਰਨ ਲਈ ਬਰਾੜ ਦੀ ਮੈਂਬਰਸ਼ਿਪ 6 ਸਾਲਾਂ ਲਈ ਮੁਅੱਤਲ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਬਰਾੜ ਨੇ ਅਨੁਸ਼ਾਸਨੀ ਕਮੇਟੀ ਅੱਗੇ ਆਪਣਾ ਪੱਖ ਪੇਸ਼ ਕਰਨ ਲਈ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਪਹੁੰਚਣਾ ਸੀ, ਪਰ ਬਰਾੜ ਖ਼ੁਦ ਨਹੀਂ ਪੁੱਜੇ ਅਤੇ ਉਨ੍ਹਾਂ ਨੇ ਇੱਕ ਪੱਤਰ ਭੇਜਿਆ ਸੀ।
ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜੇਕਰ ਹੁਣੇ ਕਾਰਵਾਈ ਨਾ ਕੀਤੀ ਗਈ ਤਾਂ ਇਸ ਨਾਲ ਪਾਰਟੀ ਨੂੰ ਨੁਕਸਾਨ ਹੋਵੇਗਾ। ਇਸ ਕਾਰਨ ਪਾਰਟੀ ਨੇ ਜਗਮੀਤ ਸਿੰਘ ਬਰਾੜ ਦੀ 6 ਸਾਲ ਲਈ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਪਹਿਲਾਂ ਹੀ ਮੰਨਿਆ ਜਾ ਰਿਹਾ ਸੀ ਕਿ ਜਗਮੀਤ ਸਿੰਘ ਬਰਾੜ ਅਨੁਸ਼ਾਸਨੀ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਕਿਉਂਕਿ ਪਹਿਲਾਂ ਉਨ੍ਹਾਂ ਨੇ 6 ਦਸੰਬਰ ਨੂੰ ਪੇਸ਼ ਹੋਣਾ ਸੀ, ਪਰ ਬਰਾੜ ਨੇ ਇੱਕ ਵਰਕਰ ਦੀ ਮੌਤ ਹੋਣ ਕਾਰਨ ਉਨ੍ਹਾਂ ਦੇ ਭੋਗ ‘ਤੇ ਹਾਜ਼ਰ ਹੋਣ ਲਈ 10 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਤੋਂ ਸਮਾਂ ਲੈ ਲਿਆ ਸੀ। ਹਾਲਾਂਕਿ ਇਸ ਤੋਂ ਬਾਅਦ ਬਰਾੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਉਦੋਂ ਉਨ੍ਹਾਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ।