[gtranslate]

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫਤਾਰ, ਜਾਣੋ ਕਾਰਨ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕਰ ਲਿਆ ਹੈ। ਧਰਮਸੋਤ ਨੂੰ ਅਮਲੋਹ ਤੋਂ ਸਵੇਰੇ 3 ਵਜੇ ਦੇ ਕਰੀਬ ਗ੍ਰਿਫ਼ਤਾਰ ਕੀਤਾ ਗਿਆ। ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦਾ ਦੋਸ਼ ਹੈ। ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਧਰਮਸੋਤ ਜੰਗਲਾਤ ਮੰਤਰੀ ਸਨ। ਹਾਲਾਂਕਿ ਜਦੋਂ ਕੈਪਟਨ ਨੂੰ ਹਟਾਇਆ ਗਿਆ ਤਾਂ ਧਰਮਸੋਤ ਨੂੰ ਵੀ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਹਾਲ ਹੀ ਵਿੱਚ ਆਪਣੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਬਰਖਾਸਤ ਕਰ ਦਿੱਤਾ ਸੀ।

ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਕੁੱਝ ਜੰਗਲਾਤ ਅਧਿਕਾਰੀਆਂ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਕਾਬੂ ਕੀਤਾ ਸੀ। ਉਨ੍ਹਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਧਰਮਸੋਤ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲੈਂਦਾ ਸੀ। ਇਸ ਤੋਂ ਇਲਾਵਾ ਨਵੇਂ ਰੁੱਖ ਲਗਾਉਣ ਲਈ ਵੀ ਰਿਸ਼ਵਤ ਲਈ ਗਈ। ਜਿਸ ਦਾ ਹਿੱਸਾ ਵੀ ਸਿੱਧਾ ਤਤਕਾਲੀ ਮੰਤਰੀ ਧਰਮਸੋਤ ਕੋਲ ਗਿਆ। ਇਸ ਪੁੱਛਗਿੱਛ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਵੱਲੋਂ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ। ਧਰਮਸੋਤ ਨੂੰ ਹੁਣ ਮੋਹਾਲੀ ਲਿਆਂਦਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਸਾਧੂ ਸਿੰਘ ਧਰਮਸੋਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਵੀ ਘਿਰ ਚੁੱਕੇ ਹਨ। ਉਨ੍ਹਾਂ ਦੇ ਸਮਾਜਿਕ ਸੁਰੱਖਿਆ ਮੰਤਰੀ ਦੇ ਕਾਰਜਕਾਲ ਦੌਰਾਨ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਸਕਾਲਰਸ਼ਿਪ ਦੇ ਪੈਸੇ ਗਲਤ ਤਰੀਕੇ ਨਾਲ ਦਿੱਤੇ ਜਾਣ ਦੇ ਦੋਸ਼ ਲੱਗੇ ਸਨ। ਇਸ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਇਸ ਦੇ ਬਾਵਜੂਦ ਤਤਕਾਲੀ ਕੈਪਟਨ ਸਰਕਾਰ ਨੇ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

Leave a Reply

Your email address will not be published. Required fields are marked *