ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬੁੱਧਵਾਰ ਦੇਰ ਸ਼ਾਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਧਰਮਸੋਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਰਵਰੀ ਤੋਂ ਜੇਲ੍ਹ ਵਿੱਚ ਹਨ। ਮੋਹਾਲੀ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਧਰਮਸੋਤ ਵੱਲੋਂ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਧਰਮਸੋਤ ਭਲਕੇ ਜੇਲ੍ਹ ਤੋਂ ਰਿਹਾਅ ਹੋ ਜਾਣਗੇ।
ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ’ਤੇ ਬੁੱਧਵਾਰ ਨੂੰ ਹਾਈ ਕੋਰਟ ਦੇ ਜਸਟਿਸ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ। ਪਰ ਦੇਰ ਸ਼ਾਮ ਧਰਮਸੋਤ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਕਰਕੇ 6 ਫਰਵਰੀ ਨੂੰ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ 5 ਮਾਰਚ ਨੂੰ ਮੋਹਾਲੀ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਵਿਜੀਲੈਂਸ ਦੀ ਜਾਂਚ ਅਨੁਸਾਰ 2016 ਤੋਂ 2022 ਤੱਕ ਧਰਮਸੋਤ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 3.27 ਕਰੋੜ ਰੁਪਏ ਸੀ। ਪਰ 6.39 ਕਰੋੜ ਰੁਪਏ ਤੋਂ ਵੱਧ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ।