ਪਿਛਲੇ ਸਾਲ ਜਲੰਧਰ ਦੇ ਪਿੰਡ ਮੱਲੀਆਂ ਖੁਰਦ ‘ਚ ਕਤਲ ਕੀਤੇ ਗਏ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਨੇ ਇਸ ਕਤਲ ਮਾਮਲੇ ‘ਚ ਹੋਏ ਵੱਡੇ ਐਕਸ਼ਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਦਾ ਧੰਨਵਾਦ ਕੀਤਾ ਹੈ। ਸ਼ੁੱਕਰਵਾਰ ਨੂੰ ਜਲੰਧਰ ‘ਚ ਰੁਪਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਅੱਜ ਕਾਤਲ ਸਲਾਖਾਂ ਪਿੱਛੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਕਤਲ ਵਿੱਚ ਸ਼ਾਮਿਲ ਹੋਰ ਵੀ ਕਈ ਲੋਕ ਅਜੇ ਵੀ ਸ਼ਰੇਆਮ ਘੁੰਮ ਰਹੇ ਹਨ। ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ, ਹਾਲਾਂਕਿ ਇਨਸਾਫ਼ ਮਿਲਣ ਦੀ ਉਮੀਦ ਹੈ।
ਰੁਪਿੰਦਰ ਕੌਰ ਨੇ ਕਿਹਾ ਕਿ ਸੁਰਜਨ ਚੱਟਾ ਇਸ ਕਤਲ ਦਾ ਮਾਸਟਰ ਮਾਈਂਡ ਹੈ। ਪਿਛਲੇ ਸਾਲ ਵੀ ਉਨ੍ਹਾਂ ਲਾਈਵ ਅਪੀਲ ਕੀਤੀ ਸੀ। ਪੁਲਿਸ ਅਧਿਕਾਰੀਆਂ ਨੂੰ ਵੀ ਮਿਲੇ ਸਨ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਸੰਦੀਪ ਦੀ ਬਰਸੀ ‘ਤੇ ਜਦੋਂ ਉਹ ਭਾਰਤ ਆਏ ਤਾਂ ਉਨ੍ਹਾਂ ਨੇ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਫਰਿਆਦ ਕੀਤੀ ਕਿ ਕਾਤਲ ਸ਼ਰੇਆਮ ਘੁੰਮ ਰਹੇ ਹਨ। ਉਨ੍ਹਾਂ ਨੇ ਡਾਕਟਰ ਗੁਰਪ੍ਰੀਤ ਕੌਰ ਨੂੰ ਸਾਰੇ ਤੱਥਾਂ ਸਮੇਤ ਕਤਲ ਵਿੱਚ ਸ਼ਾਮਿਲ ਵਿਅਕਤੀਆਂ ਦੇ ਨਾਂ ਦਿੱਤੇ। ਜਿਸ ‘ਤੇ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪੂਰੇ ਮਾਮਲੇ ਦੀ ਜਾਂਚ ਕਰਵਾ ਕੇ ਕਾਰਵਾਈ ਕਰਨਗੇ। ਉਨ੍ਹਾਂ ਕਿਹਾ ਕਿ ਇਸੇ ਮੀਟਿੰਗ ਦਾ ਨਤੀਜਾ ਹੈ ਕਿ ਪੁਲਿਸ ਨੇ ਜਾਂਚ ਤੋਂ ਬਾਅਦ ਕਤਲ ਦੇ ਮਾਸਟਰ ਮਾਈਂਡ ਸੁਰਜਨ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਰੁਪਿੰਦਰ ਕੌਰ ਨੇ ਸੁਰਜਨ ਚੱਠਾ ਦੀ ਗ੍ਰਿਫਤਾਰੀ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਨੂੰ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਬਾਹਰ ਘੁੰਮ ਰਹੇ ਹੋਰ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫਤਾਰ ਕੀਤਾ ਜਾਵੇ।