ਰਾਹੁਲ ਤੋਂ ਬਾਅਦ ਹੁਣ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਮਾਣਹਾਨੀ ਦੇ ਕੇਸ ‘ਚ ਉਲਝਦੇ ਹੋਏ ਨਜ਼ਰ ਆ ਰਹੇ ਹਨ। ਖੜਗੇ ਬਜਰੰਗ ਦਲ ਨੂੰ ਦੇਸ਼ ਵਿਰੋਧੀ ਤਾਕਤਾਂ ਕਹਿਣ ਕਾਰਨ ਫਸਦੇ ਨਜ਼ਰ ਆ ਰਹੇ ਹਨ। ਸੰਗਰੂਰ ਅਦਾਲਤ ਨੇ ਸੋਮਵਾਰ ਨੂੰ ਉਨ੍ਹਾਂ ਨੂੰ 100 ਕਰੋੜ ਰੁਪਏ ਦੇ ਮਾਣਹਾਨੀ ਦੇ ਮਾਮਲੇ ‘ਚ ਸੰਮਨ ਜਾਰੀ ਕੀਤਾ ਹੈ। ਸੰਗਰੂਰ ਦੇ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨਦੀਪ ਕੌਰ ਦੀ ਅਦਾਲਤ ਨੇ ਖੜਗੇ ਨੂੰ 10 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਹ ਹੁਕਮ ਹਿੰਦੂ ਸੁਰੱਖਿਆ ਪ੍ਰੀਸ਼ਦ ਅਤੇ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਦੀ ਪਟੀਸ਼ਨ ‘ਤੇ ਦਿੱਤਾ ਹੈ।
ਅਦਾਲਤ ‘ਚ ਦਾਇਰ ਪਟੀਸ਼ਨ ‘ਚ ਹਿਤੇਸ਼ ਭਾਰਦਵਾਜ ਨੇ ਕਿਹਾ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਮਲਿਕਾਰਜੁਨ ਖੜਗੇ ਨੇ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਤਾਕਤਾਂ ਨਾਲ ਕੀਤੀ ਸੀ। ਹਿਤੇਸ਼ ਮੁਤਾਬਿਕ ਖੜਗੇ ਨੇ ਕਿਹਾ ਸੀ ਕਿ ਜੇ ਸੂਬੇ ‘ਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਬਜਰੰਗ ਦਲ ਅਤੇ ਉਸ ਵਰਗੀਆਂ ਹੋਰ ਰਾਸ਼ਟਰ ਵਿਰੋਧੀ ਜਥੇਬੰਦੀਆਂ ਜੋ ਸਮਾਜ ਵਿੱਚ ਨਫ਼ਰਤ ਫੈਲਾਉਂਦੀਆਂ ਹਨ ਉਨ੍ਹਾਂ ‘ਤੇ ਪਾਬੰਦੀ ਲਗਾਈ ਜਾਵੇਗੀ।
ਭਾਰਦਵਾਜ ਨੇ ਕਿਹਾ, ‘ਜਦੋਂ ਮੈਂ ਦੇਖਿਆ ਕਿ ਮੈਨੀਫੈਸਟੋ ਦੇ ਪੰਨਾ ਨੰਬਰ 10 ‘ਤੇ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਰਾਸ਼ਟਰ ਵਿਰੋਧੀ ਸੰਗਠਨਾਂ ਨਾਲ ਕੀਤੀ ਸੀ ਅਤੇ ਵਾਅਦਾ ਕੀਤਾ ਸੀ ਕਿ ਜੇਕਰ ਉਹ ਚੋਣ ਜਿੱਤਦੀ ਹੈ ਤਾਂ ਇਸ ‘ਤੇ ਪਾਬੰਦੀ ਲਗਾ ਦੇਵੇਗੀ। ਇਸ ਤੋਂ ਬਾਅਦ ਮੈਂ ਅਦਾਲਤ ਤੱਕ ਪਹੁੰਚ ਕੀਤੀ।”