ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਤੋਂ ਬਾਅਦ ਵੀ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਇੱਕ ਸਾਲ ਤੋਂ ਦਿੱਲੀ ਦੀਆਂ ਹੱਦਾਂ ਉਪਰ ਚੱਲ ਰਹੇ ਕਿਸਾਨ ਮੋਰਚੇ ਨੂੰ ਫ਼ਿਲਹਾਲ ਖ਼ਤਮ ਕਰ ਕੇ ਘਰਾਂ ਨੂੰ ਵਾਪਿਸ ਜਾਣ ਦਾ ਅੱਜ ਰਸਮੀ ਐਲਾਨ ਨਹੀਂ ਹੋਇਆ ਪਰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ’ਚ ਸੰਘਰਸ਼ ਮੁਲਤਵੀ ਕਰਨ ਲਈ ਬਣੀ ਸਹਿਮਤੀ ਬਾਅਦ ਕਿਸਾਨਾਂ ਨੇ ਅਪਣਾ ਸਮਾਨ ਸਮੇਟਣਾ ਸ਼ੁਰੂ ਕਰ ਦਿਤਾ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਦਿੱਲੀ ਦੀਆਂ ਹੱਦਾਂ ਉਪਰ ਅਪਣੇ ਕੱਚੇ ਘਰ ਬਣਾਏ ਸੀ, ਜਿਥੇ ਪੱਖੇ, ਕੂਲਰ, ਟੀ.ਵੀ. ਫ਼ਰਿੱਜ ਸਮੇਤ ਹੋਰ ਸੱਭ ਸਹੂਲਤਾਂ ਸਨ।
ਵੀਰਵਾਰ ਨੂੰ 12 ਵਜੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਘਰ ਵਾਪਸੀ ਬਾਰੇ ਅੰਤਿਮ ਫੈਸਲਾ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ ਖੇਤੀ ਕਾਨੂੰਨ ਵਾਪਿਸ ਲੈਣ ਤੋਂ ਬਾਅਦ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ਨੂੰ ਕਿਸਾਨ ਜਥੇਬੰਦੀਆਂ ਨੇ ਸਵੀਕਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਰਕਾਰ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਿਸ ਲੈਣ ਦੀ ਮੰਗ ਮੰਨਣ ਲਈ ਤਿਆਰ ਹੋ ਗਈ ਹੈ। ਇਸ ਤੋਂ ਬਾਅਦ ਵੀਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੀ ਮੀਟਿੰਗ ਹੋਣ ਜਾ ਰਹੀ ਹੈ।