ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਬੀਤ ਚੁੱਕਾ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਇਸ ਦੌਰਾਨ ਭਾਜਪਾ ਆਗੂਆਂ ਨੂੰ ਵੀ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹਰਿਆਣਾ ਵਿੱਚ ਵੀ ਭਾਜਪਾ ਨੇਤਾਵਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕੁੱਝ ਦਿਨ ਪਹਿਲਾ ਵੀ ਕਿਸਾਨਾਂ ਨੇ ਕਰਨਾਲ ਵਿੱਚ ਹੋਣ ਵਾਲੇ ਭਾਜਪਾ ਦੇ ਇੱਕ ਪ੍ਰੋਗਰਾਮ ਦਾ ਵਿਰੋਧ ਕੀਤਾ ਸੀ, ਜਿਸ ਦੌਰਾਨ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕਰ ਦਿੱਤਾ ਸੀ। ਇਸ ਦੌਰਾਨ ਕਈ ਕਿਸਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਸੀ, ਜਦਕਿ ਇੱਕ ਕਿਸਾਨ ਸ਼ਹੀਦ ਵੀ ਹੋ ਗਿਆ ਸੀ।
ਹੁਣ ਕਿਸਾਨਾਂ ’ਤੇ ਹੋਏ ਇਸ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਭਲਕੇ ਯਾਨੀ ਕਿ 7 ਸਤੰਬਰ ਨੂੰ ਕਰਨਾਲ ਵਿਖੇ ਭਾਰੀ ਇਕੱਠ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ, ਜਿਸ ਦੇ ਚਲਦਿਆਂ ਪ੍ਰਸ਼ਾਸਨ ਨੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਹੈ। ਇਸ ਦੇ ਤਹਿਤ ਸ਼ਹਿਰ ਵਿਚ 5 ਤੋਂ ਵੱਧ ਲੋਕਾਂ ਦੇ ਇਕੱਠ ’ਤੇ ਪਾਬੰਦੀ ਲਗਾਈ ਗਈ ਹੈ। ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਖ਼ਾਸ ਅਪੀਲ ਕਰਦਿਆਂ ਕੱਲ੍ਹ ਸਵੇਰੇ 10 ਵਜੇ ਕਰਨਾਲ ਦੀ ਅਨਾਜ ਮੰਡੀ ਵਿੱਚ ਵੱਧ ਤੋਂ ਵੱਧ ਗਿਣਤੀ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ ਤਾਂ ਜੋ ਅਗਲੀ ਰਣਨੀਤੀ ਤਿਆਰ ਕੀਤੀ ਜਾ ਸਕੇ।
ਦਰਅਸਲ ਹਰਿਆਣਾ ਵਿਚ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਕਰਨ ਦਾ ਆਦੇਸ਼ ਦੇਣ ਵਾਲੇ ਐਸਡੀਐਮ ਆਯੁਸ਼ ਸਿਨਹਾ ਖਿਲਾਫ ਕੋਈ ਸਖ਼ਤ ਕਾਰਵਾਈ ਨਹੀਂ ਹੋਈ। ਹਾਲਾਂਕਿ ਉਹਨਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਆਯੁਸ਼ ਸਿਨਹਾ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਜਿਸ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸੇ ਕਾਰਨ ਭਲਕੇ ਕਿਸਾਨਾਂ ਵੱਲੋਂ ਕਰਨਾਲ ਦੇ ਡੀਸੀ ਦਫਤਰ ਦਾ ਘਿਰਾਓ ਕੀਤਾ ਜਾਵੇਗਾ ।