ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ, ਮੈਂਬਰ ਅਤੇ ਸਮਰਥਕ ਡੀਸੀ ਦਫ਼ਤਰ ਅੱਗੇ ਇਕੱਠੇ ਹੋਣਗੇ ਅਤੇ 12 ਵਜੇ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣਗੇ। ਸ਼੍ਰੋਮਣੀ ਕਮੇਟੀ ਵੀ ਬੰਦੀ ਸਿੱਖਾਂ ਦੀ ਰਿਹਾਈ ਲਈ ਜਲਦੀ ਹੀ ਦਸਤਖਤ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 2 ਸਤੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਅੱਜ ਦੇ ਧਰਨੇ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਹਰੇਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪੇ ਜਾਣਗੇ। ਸਾਰੇ ਮੈਂਬਰ ਕਾਲੇ ਕੱਪੜੇ ਪਾ ਕੇ ਹੀ ਪ੍ਰਦਰਸ਼ਨ ਕਰਨਗੇ। ਐਡਵੋਕੇਟ ਧਾਮੀ ਅਨੁਸਾਰ ਇਸ ਤੋਂ ਪਹਿਲਾਂ ਵੀ 4 ਵਾਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਚਿੱਠੀਆਂ ਲਿਖੀਆਂ ਜਾ ਚੁੱਕੀਆਂ ਹਨ ਪਰ ਇੱਕ ਵਾਰ ਵੀ ਭੇਜੇ ਗਏ ਪੱਤਰਾਂ ਦਾ ਜਵਾਬ ਨਹੀਂ ਮਿਲਿਆ। ਜਿਸ ਤੋਂ ਬਾਅਦ ਸਖਤ ਕਦਮ ਚੁੱਕਣ ਦਾ ਫੈਸਲਾ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਹ ਪ੍ਰਦਰਸ਼ਨ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ ਕਿਉਂਕਿ ਲੰਮੇ ਸਮੇਂ ਤੋਂ ਕਈ ਸਿੱਖ ਉਮਰ ਕੈਦ ਤੋਂ ਵੱਧ ਸਜ਼ਾ ਜੇਲ੍ਹਾਂ ਵਿੱਚ ਕੱਟ ਚੁੱਕੇ ਹਨ ਪਰ ਅਜੇ ਤੱਕ ਰਿਹਾਅ ਨਹੀਂ ਹੋਏ।