ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਨਵੀਂ ਫਿਲਮ ਐਮਰਜੈਂਸੀ ਦੇ ਖਿਲਾਫ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਅਭਿਨੇਤਰੀ ਅਤੇ ਮੰਡੀ, ਹਿਮਾਚਲ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਇੱਕ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਫਿਲਮ ਐਮਰਜੈਂਸੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋ ਚੁੱਕੇ ਹਨ। ਇਸ ਤੋਂ ਬਾਅਦ ਫਿਲਮ ‘ਚੋਂ ਕੁਝ ਦ੍ਰਿਸ਼ ਹਟਾ ਦਿੱਤੇ ਗਏ ਹਨ ਅਤੇ ਸੈਂਸਰ ਬੋਰਡ ਤੋਂ ਸਰਟੀਫਿਕੇਟ ਮਿਲਣ ਤੋਂ ਬਾਅਦ ਫਿਲਮ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ। SGPC ਨੇ ਫਿਲਮ ‘ਤੇ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਅਤੇ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਦੋਸ਼ ਲਗਾਇਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਿੱਖ ਕੌਮ ਵਿੱਚ ਰੋਸ ਪੈਦਾ ਹੋਵੇਗਾ। ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਫਿਲਮ ਨੂੰ ਸੂਬੇ ਵਿਚ ਰਿਲੀਜ਼ ਨਾ ਹੋਣ ਦੇਣ। ਜੇਕਰ ਇਹ ਫ਼ਿਲਮ ਰਿਲੀਜ਼ ਹੋਈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਸਖ਼ਤ ਵਿਰੋਧ ਕਰੇਗੀ।