[gtranslate]

ਤੂਫ਼ਾਨਾਂ ਦੇ ਸ਼ਾਹ ਅਸਵਾਰ ਕਰਤਾਰ ਸਿੰਘ ਸਰਾਭਾ ਨੂੰ ਜਦੋਂ ਜੱਜ ਨੇ ਕਿਹਾ ਮੁਆਫੀ ਮੰਗ ਲੈ ਤਾਂ ਅੱਗੋਂ ਮਿਲਿਆ ਜਵਾਬ ਸੁਣ ਰਹਿ ਗਿਆ ਦੰਗ

shaheed kartar singh sarabha

 

ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ,
ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ।
ਜਿਨ੍ਹਾਂ ਨੇ ਦੇਸ਼ ਸੇਵਾ ਵਿਚ ਪੈਰ ਪਾਇਆ,
ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ।

ਸਮਾਂ ਕੋਈ ਵੀ ਹੋਵੇ, ਹਾਲਾਤਾਂ ਮੁਤਾਬਿਕ ਕਾਰਨ ਜੋ ਵੀ ਹੋਣ ਪਰ ਪੰਜਾਬੀਆਂ ਨੇ ਹਮੇਸ਼ਾ ਆਪਣਾ ਸਫਰ ਅਣਖਾਂ ਦੇ ਸਾਫੇ ਬੰਨ੍ਹ ਕੇ ਚੜ੍ਹਦੀ ਕਲਾ ਨਾਲ ਹੀ ਤੈਅ ਕੀਤਾ ਹੈ। ਅੱਜ ਅਸੀਂ ਇੱਥੇ ਇੱਕ ਅਜਿਹੇ ਹੀ ‘ਤੂਫਾਨਾਂ ਦੇ ਸ਼ਾਹ ਅਸਵਾਰ’ ਦੀ ਗੱਲ ਸਾਂਝੀ ਕਰਾਂਗੇ। ਜਿਸ ਨੂੰ ਉਹਦੇ ਜਮਾਤੀ ਕਦੇ ‘ਉੱਡਣਾ ਸੱਪ’ ਵੀ ਕਿਹਾ ਕਰਦੇ ਸਨ। ਇਹੋ ‘ਉੱਡਣਾ ਸੱਪ’ ਭਾਰਤ ਵਿੱਚ ਸਭ ਤੋਂ ਨਿੱਕੀ ਉਮਰੇ ਜਹਾਜ਼ ਚਲਾਉਣ ਦਾ ਮਾਣ ਖੱਟ ਕੇ ਅੱਗੇ ਜਾ ਕੇ ‘ਬਾਲ ਜਰਨੈਲ’ ਹੋਣ ਦਾ ਰੁਤਬਾ ਪਾਉਂਦਾ ਹੈ। ਪੰਜਾਬ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ। ਜਿੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਯੋਧਿਆਂ ਨੇ ਜਨਮ ਲਿਆ। ਜਦੋ ਵੀ ਕਦੇ ਭਾਰਤ ਦੀ ਆਜ਼ਾਦੀ ਦੀ ਗੱਲ ਕੀਤੀ ਜਾਂਦੀ ਹੈ, ਤਾਂ ਇਹਨਾਂ ਯੋਧਿਆਂ ਦਾ ਨਾਮ ਸਭ ਤੋਂ ਪਹਿਲਾ ਆਉਂਦਾ ਹੈ। ਅੱਜ ਅਸੀਂ ਗੱਲ ਕਰਨ ਜਾ ਰਹੇ ਹਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ। ਕਰਤਾਰ ਸਿੰਘ ਸਰਾਭਾ ਉਹ ਯੋਧਾ ਹੈ ਜਿਸ ਨੂੰ ਸੁਣਵਾਈ ਦੌਰਾਨ ਜੱਜ ਨੇ ਕਿਹਾ ਸੀ ਕਿ ਮੁਆਫੀ ਮੰਗ ਲੈ ਤੇਰੀ ਸਜ਼ਾ ਮੁਆਫ ਕਰ ਦਿੱਤੀ ਜਾਵੇਗੀ, ਤਾਂ ਇਸ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ ਸੀ, ‘ਮੈਂ ਵਾਰ ਵਾਰ ਓਦੋਂ ਤੱਕ ਮਰਨਾ ਚਾਹਾਂਗਾ ਜਦੋਂ ਤੱਕ ਕਿ ਭਾਰਤ ਅਜ਼ਾਦ ਨਹੀਂ ਹੋ ਜਾਂਦਾ।’

16 ਨਵੰਬਰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਵਜੋਂ ਜਾਣਿਆ ਵੀ ਜਾਂਦਾ ਹੈ। ਇਹ ਵੀ ਕਿਹਾ ਜਾਂਦਾ ਹੈ ਕਿ ਭਗਤ ਸਿੰਘ, ਕਰਤਾਰ ਸਿੰਘ ਸਰਾਭੇ ਦੀ ਫੋਟੋ ਹਮੇਸ਼ਾਂ ਆਪਣੀ ਜੇਬ ਵਿੱਚ ਰੱਖਦੇ ਸਨ। 1896 ਵਿੱਚ 24 ਮਈ ਦੇ ਦਿਨ ਲੁਧਿਆਣੇ ਜਿਲ੍ਹੇ ਦੇ ਪਿੰਡ ਸਰਾਭਾ ਵਿਖੇ ਮਾਤਾ ਸਾਹਿਬ ਕੌਰ ਅਤੇ ਪਿਤਾ ਮੰਗਲ ਸਿੰਘ ਦੇ ਘਰ ਕਰਤਾਰ ਸਿੰਘ ਸਰਾਭੇ ਨੇ ਜਨਮ ਲਿਆ ਸੀ। ਬਚਪਨ ਵਿੱਚ ਹੀ ਉਨ੍ਹਾਂ ਦੇ ਮਾਤਾ-ਪਿਤਾ ਦਾ ਦੇਹਾਂਤ ਹੋਣ ਕਾਰਨ ਕਰਤਾਰ ਸਿੰਘ ਅਤੇ ਉਨ੍ਹਾਂ ਦੀ ਭੈਣ ਧੰਨ ਕੌਰ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਦਾਦਾ ਸਰਦਾਰ ਬਚਨ ਸਿੰਘ ਦੇ ਮੋਢਿਆਂ ‘ਤੇ ਆ ਗਈ ਸੀ।

ਕਰਤਾਰ ਸਿੰਘ ਸਰਾਭਾ ਨੇ ਮੁੱਢਲੀ ਵਿੱਦਿਆ ਸਰਾਭਾ ਪਿੰਡ ਵਿੱਚ ਹੀ ਪ੍ਰਾਪਤ ਕੀਤੀ ਸੀ। ਅੱਠਵੀਂ ਤੱਕ ਦੀ ਸਿੱਖਿਆ ਮਾਲਵਾ ਖਾਲਸਾ ਸਕੂਲ, ਲੁਧਿਆਣਾ ਤੋਂ ਪ੍ਰਾਪਤ ਕੀਤੀ। ਇਸ ਮਗਰੋਂ ਕਰਤਾਰ ਸਿੰਘ ਆਪਣੇ ਚਾਚਾ ਵੀਰ ਸਿੰਘ ਜੋ ਉੜੀਸਾ ਦੇ ਸ਼ਹਿਰ ਕਟਕ ਵਿੱਚ ਡਾਕਟਰ ਲੱਗੇ ਹੋਏ ਸਨ, ਉਨ੍ਹਾਂ ਕੋਲ ਚਲੇ ਗਏ ਅਤੇ ਉੱਥੋਂ ਦੀ ਰੇਵਨਸ਼ਾਹ ਯੂਨੀਵਰਸਿਟੀ ਤੋਂ ਦਸਵੀਂ ਤੱਕ ਦੀ ਪੜ੍ਹਾਈ ਕੀਤੀ। ਕਰਤਾਰ ਸਿੰਘ ਸਰਾਭਾ ਪੜ੍ਹਾਈ ਵਿੱਚ ਸ਼ੁਰੂ ਤੋਂ ਬਹੁਤ ਹੁਸ਼ਿਆਰ ਸੀ, ਉਨ੍ਹਾਂ ਦੇ ਦਾਦਾ ਜੀ ਉਨ੍ਹਾਂ ਨੂੰ ਉੱਚੇ ਅਹੁਦੇ ‘ਤੇ ਵੇਖਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਦੇ ਦਾਦਾ ਜੀ ਨੇ ਉਚੇਰੀ ਪੜ੍ਹਾਈ ਲਈ ਕਰਤਾਰ ਸਿੰਘ ਨੂੰ ਅਮਰੀਕਾ ਭੇਜ ਦਿੱਤਾ, ਉੱਥੇ ਉਨ੍ਹਾਂ ਨੇ ਕੈਲੀਫ਼ੋਰਨੀਆ ਯੂਨੀਵਰਸਿਟੀ, ਬਰਕਲੀ ਵਿੱਚ ਰਸਾਇਣ ਵਿਗਿਆਨ ਦੀ ਪੜ੍ਹਾਈ ਸ਼ੁਰੂ ਕਰ ਦਿੱਤੀ। ਇਸ ਸਮੇਂ ਅਮਰੀਕਾ ਤੇ ਕੈਨੇਡਾ ਵਿੱਚ ਚੋਖੀ ਗਿਣਤੀ ਵਿੱਚ ਹਿੰਦੁਸਤਾਨੀ ਤੇ ਖ਼ਾਸ ਕਰਕੇ ਸਿੱਖ ਪਹੁੰਚ ਚੁੱਕੇ ਸਨ। ਗ਼ਦਰ ਲਹਿਰ ਦਾ ਮੁੱਢ ਬੱਝ ਰਿਹਾ ਸੀ। ਦੇਸ਼ ਵਿੱਚ ਭਾਰਤੀਆਂ ਨਾਲ ਹੁੰਦੇ ਵਿਤਕਰੇ ਨੂੰ ਦੇਖ ਕੇ ਕਰਤਾਰ ਸਿੰਘ ਦੀ ਰੂਹ ਕੁਰਲਾ ਉੱਠੀ ਤੇ ਉਹ ਦਿਨ ਰਾਤ ਭਾਰਤ ਨੂੰ ਆਜ਼ਾਦ ਕਰਵਾਉਣ ਦੇ ਸੁਪਨੇ ਦੇਖਣ ਲੱਗੇ। ਅਮਰੀਕਾ ਵਿੱਚ ਵਸਦੇ ਭਾਰਤੀਆਂ ਨੇ 1913 ਈ. ਵਿੱਚ ਗ਼ਦਰ ਨਾਂਅ ਦੀ ਇੱਕ ਪਾਰਟੀ ਬਣਾਈ, ਜਿਸ ਦੇ ਪ੍ਰਧਾਨ ਪ੍ਰਸਿੱਧ ਦੇਸ਼ ਭਗਤ ਸੋਹਣ ਸਿੰਘ ਭਕਨਾ ਅਤੇ ਸਕੱਤਰ ਲਾਲਾ ਹਰਦਿਆਲ ਸਨ। ਕਰਤਾਰ ਸਿੰਘ ਸਰਾਭਾ ਸੋਹਣ ਸਿੰਘ ਭਕਨਾ ਨੂੰ ਮਿਲਿਆ ਤੇ ਇਸ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ। ਕਰਤਾਰ ਸਿੰਘ ਸਰਾਭਾ ਇਸ ਪਾਰਟੀ ਵਿੱਚ ਬਹੁਤ ਜਲਦੀ ਹਰਮਨ-ਪਿਆਰਾ ਵੀ ਬਣ ਗਿਆ। ਇਸ ਪਾਰਟੀ ਦਾ ਕੇਂਦਰ ਸਾਨ ਫ਼ਰਾਂਸਿਸਕੋ ਬਣਾਇਆ ਗਿਆ ਤੇ ਇਸ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੇ ਪ੍ਰਚਾਰ-ਹਿੱਤ (ਉਰਦੂ ਤੇ ਪੰਜਾਬੀ) ਗ਼ਦਰ ਨਾਮ ਦਾ ਇੱਕ ਹਫ਼ਤਾਵਾਰ ਅਖ਼ਬਾਰ ਕੱਢਿਆ।

ਇਹ ਹੈਰਾਨੀ ਦੀ ਗੱਲ ਹੈ ਕਿ ਇਹ ਭਾਵੇਂ ਸਹਿਸੇ ਹੀ ਵਾਪਰਿਆ ਪਰ ਇਨ੍ਹਾਂ ਦਿਨਾਂ ਵਿੱਚ ਹੀ ਕਰਤਾਰ ਸਿੰਘ ਸਰਾਭਾ ਸਰਕਾਰੀ ਸੂਹੀਆਂ ਦੀ ਨਜ਼ਰ ਵਿੱਚ ਆ ਗਿਆ। ਭਾਰਤ ਸਰਕਾਰ ਦੇ ਖੁਫੀਆ ਮਹਿਕਮੇ ਦੇ ਡਾਇਰੈਕਟਰ ਨੇ ‘ਭਾਰਤ ਦੀ ਵਰਤਮਾਨ ਰਾਜਸੀ ਹਾਲਤ’ ਬਾਰੇ 14 ਮਈ 1914 ਨੂੰ ਭਾਰਤ ਸਰਕਾਰ ਵੱਲ ਭੇਜੀ ਰਿਪੋਰਟ ਵਿੱਚ ਉਨ੍ਹਾਂ ਦਾ ਜ਼ਿਕਰ ਕੀਤਾ। ਕਰਤਾਰ ਸਿੰਘ ਸਰਾਭਾ ਦੀਆਂ ਦੇਸ਼ ਪ੍ਰੇਮ ਦੀਆਂ ਉਚੇਰੀਆਂ ਭਾਵਨਾਵਾਂ ਨੂੰ ਦੇਖਦਿਆਂ ਗ਼ਦਰ ਪਾਰਟੀ ਨੇ ਕੈਲੀਫ਼ੋਰਨੀਆ ਵਿੱਚ ਇੱਕ ਮੀਟਿੰਗ ਕਰਕੇ ਸਰਾਭਾ ਨੂੰ ਪ੍ਰਬੰਧਕ ਕਮੇਟੀ ਮੈਂਬਰ ਚੁਣਿਆ ਸੀ। ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੇ ਭਾਰਤ ਉੱਤੇ ਕਾਬਜ਼ ਬਰਤਾਨਵੀ ਹਕੂਮਤ ਨੂੰ ਉਖਾੜ ਸੁੱਟਣ ਲਈ ਅਮਰੀਕਾ ਅਤੇ ਕਨੇਡਾ ਵਿੱਚ ਵਸੇ ਭਾਰਤੀਆਂ ਨੂੰ ਇੱਕਜੁਟ ਕਰਨ ਦਾ ਕੰਮ ਕੀਤਾ ਸੀ। ਉਂਝ ਤਾਂ ‘ਗ਼ਦਰ ਪਾਰਟੀ’ ਦੀ ਯੋਜਨਾ 1913 ਵਿੱਚ ਹੀ ਬਣ ਗਈ ਸੀ ਪਰ ਇਸ ਨੂੰ 21 ਫਰਵਰੀ 1915 ਈ: ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਸੀ। ਪਰ ਅੰਗਰੇਜ਼ ਹਕੂਮਤ ਕਿਰਪਾਲ ਸਿੰਘ ਨੂੰ ਗ਼ਦਰ ਪਾਰਟੀ ਵਿੱਚ ਸ਼ਾਮਿਲ ਕਰਨ ਵਿੱਚ ਕਾਮਯਾਬ ਹੋ ਗਈ ਤੇ ਜਿਸ ਤੋਂ ਬਾਅਦ ਉਸ ਨੇ ਪਾਰਟੀ ਦੀ ਸਾਰੀ ਰਿਪੋਰਟ ਸਰਕਾਰ ਨੂੰ ਭੇਜਣੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ ਗ਼ਦਰ ਪਾਰਟੀ ਦੇ ਕਾਫੀ ਪਲਾਨ ਫੇਲ੍ਹ ਹੋ ਗਏ। 19 ਫਰਵਰੀ ਨੂੰ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਗ੍ਰਿਫ਼ਤਾਰ ਕਰ ਲਏ। ਅਖੀਰ ਉਹ ਬਰਤਾਨਵੀ ਹਕੂਮਤ ਦੇ ਕਾਬੂ ਆ ਗਏ। ਪਰ ਕਰਤਾਰ ਸਿੰਘ ਸਰਾਭੇ ਵਲੋਂ ਆਪਣੇ ਬਚਾਅ ਲਈ ਕੋਈ ਵਕੀਲ ਨਹੀਂ ਕੀਤਾ ਗਿਆ ਸੀ। ਕੋਰਟ ਦੀ ਕਾਰਵਾਈ ਦਿਖਾਵਾ ਮਾਤਰ ਸੀ ਜਿਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਇਸ ਕੇਸ ਵਿੱਚ ਅਦਾਲਤ ਦੇ ਫ਼ੈਸਲੇ ਵਿਰੁੱਧ ਕੋਈ ਵੀ ਗ਼ਦਰੀ ਅੱਗੇ ਅਪੀਲ ਨਹੀਂ ਸੀ ਕਰ ਸਕਦਾ ਸੀ।

ਗ਼ਦਰੀਆਂ ਵਲੋਂ ਕੇਸ ਦੀ ਪੈਰਵੀ ਕਰ ਰਹੇ ਵਕੀਲ ਰਘੂਵਰ ਸਹਾਇ ਨੇ 24 ਗ਼ਦਰੀਆਂ ਨੂੰ ਫਾਂਸੀ ਦੀ ਸਜ਼ਾ ਦਾ ਮੁੱਦਾ ਵਾਇਸਰਾਇ ਕੌਂਸਲ ਕੋਲ ਉਠਾਇਆ ਤੇ ਕੌਂਸਲ ਦੇ ਮੈਂਬਰ ਸਰ ਅਲੀ ਇਮਾਮ ਨੇ ਕਾਨੂੰਨੀ ਪੈਂਤਰਿਆਂ ਦੀ ਨਜ਼ਰਸਾਨੀ ਤੋਂ ਬਾਅਦ 24 ਗ਼ਦਰੀਆਂ ਵਿੱਚੋਂ 17 ਗ਼ਦਰੀਆਂ ਦੀ ਫਾਂਸੀ ਦੀ ਸਜ਼ਾ ਤੋੜ ਕੇ ਸਜ਼ਾ-ਏ-ਕਾਲੇਪਾਣੀ ਕਰ ਦਿੱਤੀ। ਸਰ ਅਲੀ ਇਮਾਮ ਨੇ ਸਰਾਭੇ ਦੀ ਫਾਂਸੀ ਵੀ ਉਮਰ ਕੈਦ ਵਿੱਚ ਤਬਦੀਲ ਕਰਵਾਉਣ ਲਈ ਬਹੁਤ ਜ਼ੱਦੋਜਹਿਦ ਕੀਤੀ, ਕਿਉਂਕਿ ਸਰਾਭੇ ਦੀ ਉਮਰ ਉਸ ਵੇਲੇ ਸਭ ਤੋਂ ਘੱਟ ਸੀ। ਪਰ ਵਾਇਸਰਾਇ ਨੇ ਅਪੀਲ ਖਾਰਜ਼ ਕਰ ਦਿੱਤੀ ਸੀ। ਕੋਰਟ ਦੇ ਜੱਜਾਂ ਵਲੋਂ ਸਰਾਭੇ ਬਾਰੇ ਸਭ ਤੋਂ ਵੱਧ ਸੱਤ ਪੰਨਿਆਂ ਦਾ ਫ਼ੈਸਲਾ ਲਿਖਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਨੂੰ ਸਭ ਤੋਂ ਵੱਧ ‘ਖ਼ਤਰਨਾਕ’ ਦੱਸਿਆ ਗਿਆ ਸੀ। ਫ਼ੈਸਲੇ ਵਿੱਚ ਅਹਿਮ ਗੱਲ ਇਹ ਲਿਖੀ ਗਈ ਸੀ ਕਿ ਗ਼ਦਰ ਦੀ ਅਜਿਹੀ ਕੋਈ ਵੀ ਘਟਨਾ ਨਹੀਂ ਹੈ ਜਿਸ ਵਿੱਚ ਸਰਾਭਾ ਸ਼ਾਮਿਲ ਨਾ ਹੋਵੇ ਅਤੇ 16 ਨਵੰਬਰ 1915 ਨੂੰ ਸਾਢੇ ਉੱਨੀ ਸਾਲ ਦੇ ਜਵਾਨ ਕਰਤਾਰ ਸਿੰਘ ਸਰਾਭਾ ਨੂੰ ਉਹਨਾਂ ਦੇ ਛੇ ਹੋਰ ਸਾਥੀਆਂ – ਬਖਸ਼ੀਸ਼ ਸਿੰਘ, ਜ਼ਿਲ੍ਹਾ ਅੰਮ੍ਰਿਤਸਰ; ਹਰਨਾਮ ਸਿੰਘ, ਜ਼ਿਲ੍ਹਾ ਸਿਆਲਕੋਟ; ਜਗਤ ਸਿੰਘ, ਜ਼ਿਲ੍ਹਾ ਲਾਹੌਰ; ਸੁਰੈਣ ਸਿੰਘ ਅਤੇ ਸੁਰੈਣ -2 ਦੋਨੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਿਸ਼ਨੂੰ ਗਣੇਸ਼ ਪਿੰਗਲੇ, ਜ਼ਿਲ੍ਹਾ ਪੂਨਾ (ਮਹਾਰਾਸ਼ਟਰ) – ਦੇ ਨਾਲ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਫ਼ਾਂਸੀ ਚੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ।

ਪਰ ਇਸ ਨਾਲ ਆਜ਼ਾਦੀ ਦੇ ਉਦੇਸ਼ ਨੂੰ ਬਲ ਮਿਲਿਆ। ਕਰਤਾਰ ਸਿੰਘ ਸਰਾਭਾ ਆਪਣੇ ਬਹੁਤ ਛੋਟੇ ਜਿਹੇ ਰਾਜਨੀਤਕ ਜੀਵਨ ਦੇ ਦਲੇਰਾਨਾ ਕੰਮਾਂ ਦੇ ਕਾਰਨ ਗ਼ਦਰ ਪਾਰਟੀ ਦੇ ਲੋਕ ਨਾਇਕ ਦੇ ਰੂਪ ਵਿੱਚ ਉੱਭਰੇ। ਜਿਸ ਕਾਰਨ ਸ਼ਹੀਦੇ-ਆਜ਼ਮ ਭਗਤ ਸਿੰਘ ਉਹਨਾਂ ਨੂੰ ਆਪਣਾ ਆਦਰਸ਼ ਮੰਨਦੇ ਸਨ। ਜ਼ਿਕਰਯੋਗ ਹੈ ਕਿ ਕਰਤਾਰ ਸਿੰਘ ਸਰਾਭਾ ਇੱਕ ਹੌਂਸਲੇ ਵਾਲਾ ਅਤੇ ਦਲੇਰ ਯੋਧਾ ਸੀ ਕਿਉਂਕ ਜਿੰਦਗੀ ਦੇ ਅਖ਼ੀਰਲੇ ਦਿਨਾਂ ਵਿੱਚ ਜੇਲ੍ਹ ਵਿੱਚ ਰਹਿੰਦੇ ਹੋਏ ਕਰਤਾਰ ਸਿੰਘ ਸਰਾਭਾ ਦਾ ਭਾਰ 14 ਪੌਂਡ ਵੱਧ ਗਿਆ ਸੀ ਜੋ ਉਨ੍ਹਾਂ ਦੇ ਹੌਂਸਲੇ ਤੇ ਦਲੇਰੀ ਨੂੰ ਆਪਣੇ ਆਪ ਬਿਆਨ ਕਰਦਾ ਹੈ।

ਅਦਾਲਤ ਵਿੱਚ ਕਰਤਾਰ ਸਿੰਘ ਸਰਾਭਾ ਦੀ ਆਖਰੀ ਬੋਲ ਵੀ ਉਨ੍ਹਾਂ ਦੀ ਦਲੇਰੀ ਦੀ ਮਿਸਾਲ ਦਿੰਦੇ ਹਨ- “ਮੈਨੂੰ ਉਮਰ-ਕੈਦ ਜਾਂ ਮੌਤ ਦੀ ਸਜ਼ਾ ਮਿਲ ਸਕਦੀ ਹੈ ਪਰ ਮੈਂ ਮੌਤ ਦੀ ਸਜ਼ਾ ਨੂੰ ਤਰਜੀਹ ਦੇਵਾਂਗਾ ਤਾਂ ਜੋ ਦੁਬਾਰਾ ਜਨਮ ਲੈ ਕੇ ਮੈਂ ਫ਼ਿਰ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋ ਸਕਾਂ। ਮੈਂ ਵਾਰ ਵਾਰ ਓਦੋਂ ਤੱਕ ਮਰਨਾ ਚਾਹਾਂਗਾ ਜਦੋਂ ਤੱਕ ਕਿ ਭਾਰਤ ਅਜ਼ਾਦ ਨਹੀਂ ਹੋ ਜਾਂਦਾ। ਇਹੀ ਮੇਰੀ ਆਖ਼ਰੀ ਇੱਛਾ ਹੈ।” ਕਰਤਾਰ ਸਿੰਘ ਸਰਾਭਾ ਦੇ ਇਹ ਬੋਲ ਹਰ ਭਾਰਤੀ ਨੂੰ ਹਮੇਸ਼ਾ ਪ੍ਰੇਰਨਾ ਦਿੰਦੇ ਰਹੇ ਜਿਸ ਦੇ ਕਾਰਨ ਹਮੇਸ਼ਾ ਪੰਜਾਬ ਵਿੱਚ ਸਮੇਂ-ਸਮੇਂ ‘ਤੇ ਹਕੂਮਤ ਦੇ ਖਿਲਾਫ ਆਵਾਜ਼ ਬੁਲੰਦ ਹੁੰਦੀ ਰਹੀ।

Likes:
0 0
Views:
768
Article Categories:
India News

Leave a Reply

Your email address will not be published. Required fields are marked *