ਪੰਜਾਬ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਹੋ ਸਕਦਾ ਹੈ। ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ‘ਤੇ ਨਿਯੁਕਤ ਕੀਤੇ ਜਾਣ ਤੋਂ ਬਾਅਦ ਤੋਂ ਹੀ ਦੋਵਾਂ ਪਾਰਟੀਆਂ ਵਿਚਾਲੇ ਦੋਸਤੀ ਬਹਾਲ ਹੋਣ ਦੇ ਸੰਕੇਤ ਮਿਲੇ ਹਨ। ਇਸੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਾਰੇ ਸਰਕਲ ਇੰਚਾਰਜਾਂ ਦੀ ਮੀਟਿੰਗ 6 ਜੁਲਾਈ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਸੱਦ ਲਈ ਹੈ। ਪਾਰਟੀ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਕਰੇਗੀ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ਉਲੀਕੀ ਜਾਵੇਗੀ।
ਭਾਜਪਾ ਨੇ ਪਹਿਲਾਂ ਵਾਂਗ ਪੰਜਾਬ ਵਿੱਚ ਅਕਾਲੀ ਦਲ ਨਾਲ ਗੱਠਜੋੜ ਕਰਕੇ ਹਿੰਦੂ-ਸਿੱਖ ਭਾਈਚਾਰਕ ਸਾਂਝ ਦੀ ਨੀਤੀ ’ਤੇ ਚੱਲਣ ਦਾ ਸੰਕੇਤ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਆਗਾਮੀ ਮੰਤਰੀ ਮੰਡਲ ਵਿਸਥਾਰ ਵਿੱਚ ਅਕਾਲੀ ਦਲ ਦੀ ਹਰਸਿਮਰਤ ਕੌਰ ਮੁੜ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਿਲ ਹੋ ਸਕਦੇ ਹਨ। ਇਸ ਦੇ ਨਾਲ ਹੀ ਚਰਚਾ ਹੈ ਕਿ ਇਸ ਵਾਰ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਕੇਂਦਰ ਵਿੱਚ ਮੰਤਰੀ ਬਣਾਇਆ ਜਾ ਸਕਦਾ ਹੈ। 1996 ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚ ਗਠਜੋੜ ਹੋਇਆ ਸੀ। ਅਕਾਲੀ ਦਲ ਐਨਡੀਏ ਦੇ ਸਭ ਤੋਂ ਪੁਰਾਣੇ ਸਹਿਯੋਗੀਆਂ ਵਿੱਚੋਂ ਇੱਕ ਸੀ। 2021 ਵਿੱਚ, ਤਿੰਨਾਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਕਾਰਨ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਖਤਮ ਕਰ ਲਿਆ ਸੀ। ਇਸ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ‘ਤੇ ਸ਼ਰਧਾਂਜਲੀ ਦੇਣ ਪਹੁੰਚੇ ਸਨ। ਉਦੋਂ ਤੋਂ ਹੀ ਦੋਵਾਂ ਪਾਰਟੀਆਂ ਦੇ ਗਠਜੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਸਨ। ਹਾਲਾਂਕਿ, ਦੋਵਾਂ ਨੇ ਜਲੰਧਰ ਉਪ ਚੋਣ ਵੱਖਰੇ ਤੌਰ ‘ਤੇ ਲੜੀ ਸੀ।