ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ ਸ਼ਨੀਵਾਰ ਨੂੰ ਗਿਰਫਤਾਰ ਕੀਤਾ ਗਿਆ ਹੈ ਇਸ ਮਗਰੋਂ ਸ਼ਿਵ ਸੈਨਾ ਆਗੂ ਨੂੰ ਕੜੀ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਉੱਤੇ ਭੇਜ ਦਿੱਤਾ ਹੈ।ਦੱਸ ਦੇਈਏ ਕਿ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸੁਧੀਰ ਸੂਰੀ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦੇਣ ਦੌਰਾਨ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਇੱਕ ਇਤਰਾਜ਼ਯੋਗ ਬਿਆਨ ਦਿੱਤਾ ਗਿਆ ਸੀ।
ਇਸ ਬਿਆਨ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਅਤੇ ਹੋਰ ਸਮਾਜਿਕ ਸੰਗਠਨ ਵੱਲੋਂ 15 ਨਵੰਬਰ ਦੇ ਦਿਨ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ ਇਕੱਠ ਕਰਕੇ ਸ਼ਾਂਤਮਈ ਧਰਨਾ ਲਗਾਇਆ ਗਿਆ ਸੀ। ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਐੱਸ.ਐੱਸ.ਪੀ ਨੂੰ ਇੱਕ ਮੰਗ ਪੱਤਰ ਦਿੱਤਾ ਅਤੇ ਇਤਰਾਜ਼ਯੋਗ ਬਿਆਨਬਾਜ਼ੀ ਦੇ ਦੋਸ਼ੀ ਸ਼ਿਵ ਸੈਨਾ ਆਗੂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ।