ਮੰਗਲਵਾਰ ਨੂੰ ਅਮਰੀਕਾ ਦੇ ਆਇਡਾਹੋ ਦੇ ਇੱਕ ਸ਼ਾਪਿੰਗ ਮਾਲ ਵਿੱਚ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਗੋਲੀਬਾਰੀ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਾਲ ਵਿੱਚ ਇੱਕ ਸ਼ੱਕੀ ਵਿਅਕਤੀ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਸ ਨੇ ਦੋਸ਼ੀ ਨੂੰ ਹਿਰਾਸਤ ‘ਚ ਲੈ ਲਿਆ ਹੈ।
ਪੁਲਿਸ ਨੇ ਦੱਸਿਆ ਕਿ ਆਇਡਾਹੋ ਦੇ ਬੋਇਸ ਵਿੱਚ ਇੱਕ ਮਾਲ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਬੋਇਸ ਪੁਲਿਸ ਅਧਿਕਾਰੀ ਸਮੇਤ ਚਾਰ ਹੋਰ ਲੋਕ ਜ਼ਖਮੀ ਹੋ ਗਏ ਹਨ। ਬੋਇਸ ਪੁਲਿਸ ਮੁਖੀ ਰਿਆਨ ਲੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਪੀੜਤਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਨ ਦਾ ਕੰਮ ਕਰ ਰਹੀ ਹੈ। ਪੁਲਿਸ ਮੁਖੀ ਲੀ ਨੇ ਕਿਹਾ ਕਿ ਫਿਲਹਾਲ ਸਾਨੂੰ ਗੋਲੀਬਾਰੀ ਦੇ ਕਾਰਨ ਦਾ ਪਤਾ ਨਹੀਂ ਲੱਗਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਐਫਬੀਆਈ ਅਤੇ ਏਟੀਐਫ ਦੋਵੇਂ ਜਾਂਚ ਵਿੱਚ ਮਦਦ ਕਰ ਰਹੇ ਹਨ।