ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ 5 ਮਹੀਨੇ ਬਾਅਦ ਵੀ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਕਾਰਨ ਪਿੰਡ ਮੂਸੇ ਦੇ ਲੋਕਾਂ ਵਿੱਚ ਸਰਕਾਰ ਖਿਲਾਫ ਗੁੱਸਾ ਹੈ। ਪਿੰਡ ਵਾਸੀਆਂ ਨੇ ਫੈਸਲਾ ਕੀਤਾ ਕਿ ਅੱਜ ਪਿੰਡ ਵਿੱਚ ਦੀਵਾਲੀ ਨਹੀਂ ਮਨਾਈ ਜਾਵੇਗੀ। ਸਾਰਾ ਪਿੰਡ ਸਿੱਧੂ ਮੋਸੇਵਾਲੇ ਦੇ ਕਤਲ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਪਿੰਡ ਵਿੱਚ ਨਾ ਤਾਂ ਦੀਪਮਾਲਾ ਹੋਵੇਗੀ ਅਤੇ ਨਾ ਹੀ ਕੋਈ ਪਟਾਕਾ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਗੈਂਗਸਟਰਾਂ ਨੂੰ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਜਦੋਂ ਕਿਸੇ ਗੈਂਗਸਟਰ ਨੂੰ ਪੇਸ਼ੀ ‘ਤੇ ਲਿਆਉਣਾ ਹੁੰਦਾ ਹੈ ਤਾਂ ਵੱਡੀਆਂ ਗੱਡੀਆਂ ਉਸ ਦੇ ਨਾਲ ਜਾਂਦੀਆਂ ਹਨ। ਉਨ੍ਹਾਂ ਦੀ ਸੁਰੱਖਿਆ ‘ਚ 100 ਤੋਂ 150 ਦੇ ਕਰੀਬ ਜਵਾਨ ਤਾਇਨਾਤ ਰਹਿੰਦੇ ਹਨ।
ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਕਦੇ ਗੈਂਗਸਟਰਾਂ ਦੀ ਪਿੱਠ ‘ਤੇ ਥਾਪੀਆਂ ਦਿੰਦੇ ਨੇ ਅਤੇ ਕਦੇ ਰਿਮਾਂਡ ਦੌਰਾਨ ਉਨ੍ਹਾਂ ਨੂੰ ਆਪਣੇ ਘਰਾਂ ‘ਚ ਰੱਖਦੇ ਨੇ। ਪੰਜਾਬ ਦੇ ਮੁੱਖ ਮੰਤਰੀ ਵੀ ਇਸ ਮਾਮਲੇ ਵਿੱਚ ਕੁੱਝ ਨਹੀਂ ਕਹਿ ਰਹੇ ਹਨ। ਇਸ ਦੇ ਨਾਲ ਹੀ ਵਿਧਾਇਕ ਵੀ ਗੈਂਗਸਟਰਾਂ ਨੂੰ ਦਿੱਤੀ ਗਈ ਸੁਰੱਖਿਆ ਬਾਰੇ ਵੀ ਕੁਝ ਨਹੀਂ ਕਹਿ ਰਹੇ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਗੈਂਗਸਟਰਾਂ ਲਈ ਮਨੁੱਖੀ ਅਧਿਕਾਰਾਂ ਦੀ ਗੱਲ ਆਉਂਦੀ ਹੈ ਤਾਂ ਕੀ ਮੂਸੇਵਾਲਾ ਦੇ ਪਰਿਵਾਰ ਲਈ ਕੋਈ ਮਨੁੱਖੀ ਅਧਿਕਾਰ ਨਹੀਂ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਅੱਜ ਪੂਰਾ ਪਿੰਡ ਕਾਲੀ ਦੀਵਾਲੀ ਮਨਾ ਰਿਹਾ ਹੈ।