ਜਬਰ-ਜਨਾਹ ਮਾਮਲੇ ’ਚ ਨਾਮਜ਼ਦ ਕੀਤੇ ਗਏ ਸਿਮਰਜੀਤ ਸਿੰਘ ਬੈਂਸ ਨੇ ਸੋਮਵਾਰ ਨੂੰ ਲੁਧਿਆਣਾ ਅਦਾਲਤ ‘ਚ ਸਰੈਂਡਰ ਕਰ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇੱਕ ਪੋਸਟ ਸਾਂਝੀ ਕਰ ਜਾਣਕਾਰੀ ਦਿੱਤੀ ਗਈ ਹੈ, ਜਿਸ ਵਿੱਚ ਲਿਖਿਆ ਹੈ ਕਿ, “ਪਹਿਲਾਂ ਵੀ ਕਿਹਾ ਸੀ ਅਤੇ ਹੁਣ ਵੀ ਕਹਿਣੇ ਹਾਂ। ਸਾਨੂੰ ਮਾਨਯੋਗ ਕੋਰਟ ਦੀ ਨਿਆ ਪ੍ਰਣਾਲੀ ਉੱਤੇ ਪੂਰਾ ਭਰੋਸਾ ਹੈ। ਅੱਜ ਕੋਰਟ ਦੇ ਹੁਕਮਾਂ ਤਹਿਤ ਸਰਦਾਰ ਸਿਮਰਜੀਤ ਸਿੰਘ ਬੈਂਸ ਵੱਲੋਂ ਲੁਧਿਆਣਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਗਿਆ ਹੈ ਅਤੇ ਜਿਹੜਾ ਵੀ ਸੱਚ ਹੈ ਇਹ ਬਹੁਤ ਜਲਦੀ ਸਾਰਿਆਂ ਦੇ ਸਾਮ੍ਹਣੇ ਆ ਜਾਵੇਗਾ ……. ਲੋਕ ਇਨਸਾਫ਼ ਪਾਰਟੀ”
ਦੱਸਣਯੋਗ ਹੈ ਕਿ ਵਿਧਾਇਕ ਬੈਂਸ ’ਤੇ ਔਰਤ ਨਾਲ ਜਬਰ-ਜਨਾਹ ਦੇ ਦੋਸ਼ ਹਨ। ਬੈਂਸ ਖ਼ਿਲਾਫ਼ ਪਿਛਲੇ ਸਾਲ 10 ਜੁਲਾਈ 2021 ਨੂੰ ਮਾਮਲਾ ਦਰਜ ਕੀਤਾ ਸੀ। ਉਦੋਂ ਤੋਂ ਬੈਂਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਸੀ। ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪਹਿਲਾਂ ਸੁਪਰੀਮ ਕੋਰਟ ਤਕ ਬਚਾਅ ਲਈ ਯਤਨ ਕਰ ਚੁੱਕੇ ਸਨ ਪਰ ਉਥੋਂ ਵੀ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ ਸੀ। ਇਸ ਤੋਂ ਪਹਿਲਾ ਪੁਲਿਸ ਨੇ ਬੈਂਸ ਦੇ ਭਰਾ ਕਰਮਜੀਤ ਸਿੰਘ ਤੇ ਪ੍ਰਾਪਰਟੀ ਡੀਲਰ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਤੇ ਬਾਕੀ ਮੁਲਜ਼ਮਾਂ ਦੀ ਜਾਇਦਾਦ ਨੂੰ ਮਾਮਲੇ ’ਚ ਅਟੈਚ ਕਰ ਦਿੱਤਾ ਸੀ। ਇਸ ਤੋਂ ਇਲਾਵਾ ਸਾਰਿਆਂ ਦੇ ਬੈਂਕ ਖਾਤਿਆਂ ਨੂੰ ਵੀ ਫਰੀਜ਼ ਕਰਵਾ ਦਿੱਤਾ ਗਿਆ ਸੀ। ਇਹ ਕਾਰਵਾਈ ਅਦਾਲਤੀ ਹੁਕਮਾਂ ਤੋਂ ਬਾਅਦ ਕੀਤੀ ਗਈ ਸੀ।