ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਹੁਣ ਸਿਆਸਤ ਲਗਾਤਾਰ ਭੱਖਦੀ ਜਾ ਰਹੀ ਹੈ। ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇ ਅਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿਰਫ ਲੋਕਾਂ ਦਾ ਹੀ ਨਹੀਂ ਬਲਕਿ ਸੂਬੇ ਵਿੱਚ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਦਾ ਵੀ ਵਿਸ਼ਵਾਸ ਗੁਆ ਲਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਵਿਚ ਚੋਣਾਂ ਦੇ ਮੌਕੇ ਕਾਂਗਰਸ ਪਾਰਟੀ ਵਿਚ ਮੁੱਖ ਮੰਤਰੀ ਦੇ ਅਹੁਦੇ ਲਈ ਅੰਨੀ ਦੌੜ ਲੱਗੀ ਹੋਈ ਹੈ ਅਤੇ ਹਰ ਕੋਈ ਆਪਣੇ ਆਪ ਨੁੰ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਦੱਸ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਨੀ ਕੁਰਸੀ ਨੁੰ ਚਿੰਬੜਿਆ ਰਹਿਣਾ ਚਾਹੁੰਦਾ ਹੈ ਜਦੋਂ ਕਿ ਪਾਰਟੀ ਲੀਡਰਸ਼ਿਪ ਨਹੀਂ ਚਾਹੁੰਦੀ ਕਿ ਉਹ ਮੁੱਖ ਮੰਤਰੀ ਦੀ ਕੁਰਸੀ ਦਾ ਮੁੜ ਦਾਅਵੇਦਾਰ ਬਣੇ। ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਆਪਣੀ ਡਫਲੀ ਵਜਾ ਰਿਹਾ ਹੈ ਅਤੇ ਰੋਜ਼ ਚੰਨੀ ਨੁੰ ਜ਼ਲੀਲ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਅੱਜ ਕਾਂਗਰਸ ਦੇ ਖਿਲਾਫ ਹਨ ਕਿਉਂਕਿ ਇਸ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਇਸੇ ਲਈ ਆਉਂਦੇ ਦਿਨਾਂ ਵਿਚ ਕਾਂਗਰਸ ਖੇਰੁੰ-ਖੇਰੂੰ ਹੁੰਦੀ ਨਜ਼ਰ ਆਵੇਗੀ।