ਸਿੰਘੂ ਬਾਰਡਰ ਕਤਲ ਕੇਸ ਵਿੱਚ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਿੰਘੂ ਮਾਮਲੇ ਨਾਲ ਜੁੜੇ ਹਰ ਪਹਿਲੂ ਦੀ ਜਾਂਚ ਕਰੇਗੀ। ਕੁਝ ਦਿਨ ਪਹਿਲਾ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਦੀ ਜਿੰਮੇਵਾਰੀ ਲੈਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਛਾਏ ਨਿਹੰਗ ਸਿੰਘਾਂ ਦੀ ਜੱਥੇਬੰਦੀ ਦੇ ਆਗੂ ਬਾਬਾ ਅਮਨ ਸਿੰਘ ਦੀ ਬੀਜੇਪੀ ਆਗੂਆਂ ਨਾਲ ਪੁਰਾਣੀ ਤਸਵੀਰ ਨੇ ਤਰਥਲੀ ਮਚਾ ਦਿੱਤੀ ਹੈ। ਇਸ ਤਸਵੀਰ ਦੇ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਨੇ ਵੀ ਕਈ ਸਵਾਲ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਜਾਂਚ ਕਰਵਾਉਣ ਦੀ ਗੱਲ ਕਹੀ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਦੀ ਜਾਂਚ ਕਰਵਾਏਗੀ। ਉਨ੍ਹਾਂ ਨੇ ਸਿੰਘੂ ਬਾਰਡਰ ਘਟਨਾ ਪਿੱਛੇ ਵੱਡੀ ਸਾਜ਼ਿਸ਼ ਦਾ ਖਦਸ਼ਾ ਵੀ ਜਤਾਇਆ ਹੈ ਅਤੇ ਕਿਹਾ ਕਿ ਪੰਜਾਬ ਪੁਲਿਸ ਹਰ ਪਹਿਲੂ ਦੀ ਜਾਂਚ ਕਰੇਗੀ।
ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਤਸਵੀਰ ਦੇਖਣ ਤੋਂ ਬਾਅਦ ਉਹ ਵੀ ਹੈਰਾਨ ਸਨ। ਉਨ੍ਹਾਂ ਕਿਹਾ ਕਿ ਤਸਵੀਰ ਤੋਂ ਬਾਅਦ ਪਿੰਕੀ ਦਾ ਸਾਹਮਣੇ ਆਉਣਾ ਵੀ ਇੱਕ ਵੱਡੀ ਗੱਲ ਹੈ। ਸੁਖਜਿੰਦਰ ਰੰਧਾਵਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਨਿਹੰਗ ਬਾਬਾ ਅਮਨ ਸਿੰਘ ਦੀ ਫੋਟੋ ਬਾਰੇ ਕਿਹਾ ਕਿ ਇਹ ਮਾਮਲਾ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਲਖਬੀਰ ਸਿੰਘ ਦਿੱਲੀ ਕਿਵੇਂ ਪਹੁੰਚਿਆ ਜਾ ਕੌਣ ਉਸ ਨੂੰ ਲੈ ਕੇ ਗਿਆ ਸੀ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ। ਸੁਖਜਿੰਦਰ ਸਿੰਘ ਰੰਧਾਵਾ ਨੇ ਨਹਿੰਗ ਸਰਬਜੀਤ ਸਿੰਘ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਬਜੀਤ ਸਿੰਘ ਦੇ ਕੇਸ ਕੱਟੇ ਹੋਣੇ ਵੀ ਜਾਂਚ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।