ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕੈਨੇਡਾ ਵਿੱਚ ਰਹਿੰਦੇ ਭਾਰਤੀ ਵਿਦਿਆਰਥੀਆਂ ਅਤੇ ਪ੍ਰਵਾਸੀ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਕਰਨ ਦੀ ਮੰਗ ਕੀਤੀ ਹੈ। ਜਾਖੜ ਦਾ ਕਹਿਣਾ ਹੈ ਕਿ ਕੈਨੇਡਾ ਅਤੇ ਭਾਰਤ ਵਿਚਾਲੇ ਵਧਦੇ ਵਿਵਾਦ ਕਾਰਨ ਲੋਕਾਂ ਵਿਚ ਚਿੰਤਾ ਅਤੇ ਡਰ ਦਾ ਮਾਹੌਲ ਹੈ। ਹੈਲਪਲਾਈਨ ਨੰਬਰ ਜਾਰੀ ਹੋਣ ਤੋਂ ਬਾਅਦ ਲੋਕ ਸੁਰੱਖਿਅਤ ਮਹਿਸੂਸ ਕਰਨਗੇ।
ਉਨ੍ਹਾਂ ਪੱਤਰ ਵਿੱਚ ਕਿਹਾ ਕਿ ਇਹ ਪੱਤਰ ਕੈਨੇਡਾ ਵਿੱਚ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਉਜਾਗਰ ਕਰਨ ਲਈ ਲਿਖਿਆ ਗਿਆ ਹੈ। ਖਾਸ ਕਰਕੇ ਵਿਦੇਸ਼ਾਂ ਵਿੱਚ ਪੜ੍ਹਾਈ ਲਈ ਜਾਣ ਦੀ ਉਡੀਕ ਕਰ ਰਹੇ ਨੌਜਵਾਨਾਂ ਵਿੱਚ ਚਿੰਤਾ, ਦਹਿਸ਼ਤ ਅਤੇ ਦੁਚਿੱਤੀ ਦੀ ਭਾਵਨਾ ਹੈ ਜਿਸ ਨੂੰ ਸਰਕਾਰ ਨੂੰ ਸ਼ਾਂਤ ਕਰਨਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਆਪਣੀਆਂ ਘਰੇਲੂ ਮਜਬੂਰੀਆਂ ਦੇ ਦਬਾਅ ਹੇਠ ਭਾਰਤ ‘ਤੇ ਬੇਤੁਕੇ ਦੋਸ਼ ਲਾਏ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਟਰੂਡੋ ਨੂੰ ਜਲਦੀ ਹੀ ਆਪਣੀ ਗਲਤੀ ਦਾ ਅਹਿਸਾਸ ਹੋਵੇਗਾ। ਸਰਕਾਰ ਨੂੰ ਇਹ ਮਾਮਲਾ ਆਪਸੀ ਵਿਚਾਰ ਨਾਲ ਹੱਲ ਕਰਨਾ ਚਾਹੀਦਾ ਹੈ।