ਅਫਗਾਨਿਸਤਾਨ ਵਿਚ ਤਾਲਿਬਾਨ ਦੇ ਇੱਕ ਫੈਸਲੇ ਨੇ ਇੱਕ ਵਾਰ ਫਿਰ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ। ਤਾਲਿਬਾਨ ਨੇ ਕੁੜੀਆਂ ਲਈ ਉਚੇਰੀ ਪੜ੍ਹਾਈ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ। ਦਰਅਸਲ, ਤਾਲਿਬਾਨ ਨੇ ਮੰਗਲਵਾਰ ਨੂੰ ਇੱਕ ਨਵਾਂ ਆਦੇਸ਼ ਜਾਰੀ ਕੀਤਾ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਯੂਨੀਵਰਸਿਟੀਆਂ ‘ਚ ਲੜਕੀਆਂ ਦੀ ਪੜ੍ਹਾਈ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾ ਰਿਹਾ ਹੈ। ਅਫਗਾਨਿਸਤਾਨ ਵਿੱਚ ਪ੍ਰਾਈਵੇਟ ਅਤੇ ਪਬਲਿਕ ਯੂਨੀਵਰਸਿਟੀਆਂ ਵਿੱਚ ਔਰਤਾਂ ਦੇ ਦਾਖਲੇ ‘ਤੇ ਤੁਰੰਤ ਪ੍ਰਭਾਵ ਨਾਲ ਅਤੇ ਅਗਲੇ ਨੋਟਿਸ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ। ਤਾਲਿਬਾਨ ਸਰਕਾਰ ਦੇ ਬੁਲਾਰੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।
ਇਸ ਫੈਸਲੇ ਦਾ ਐਲਾਨ ਤਾਲਿਬਾਨ ਸਰਕਾਰ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ। ਉੱਚ ਸਿੱਖਿਆ ਮੰਤਰਾਲੇ ਦੇ ਬੁਲਾਰੇ ਜ਼ਿਆਉੱਲਾ ਹਾਸ਼ਮੀ ਦੁਆਰਾ ਸਾਂਝੇ ਕੀਤੇ ਗਏ ਪੱਤਰ ਵਿੱਚ, ਪ੍ਰਾਈਵੇਟ ਅਤੇ ਸਰਕਾਰੀ ਯੂਨੀਵਰਸਿਟੀਆਂ ਨੂੰ ਕਿਹਾ ਗਿਆ ਹੈ ਕਿ ਉਹ ਪਾਬੰਦੀ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਅਤੇ ਪਾਬੰਦੀ ਲੱਗਣ ਤੋਂ ਬਾਅਦ ਮੰਤਰਾਲੇ ਨੂੰ ਸੂਚਿਤ ਕਰਨ। ਹਾਸ਼ਮੀ ਨੇ ਵੀ ਆਪਣੇ ਪੱਤਰ ਨੂੰ ਟਵੀਟ ਕੀਤਾ ਅਤੇ ਐਸੋਸੀਏਟਡ ਪ੍ਰੈਸ ਨੂੰ ਦਿੱਤੇ ਸੰਦੇਸ਼ ਵਿੱਚ ਇਸਦੀ ਪੁਸ਼ਟੀ ਕੀਤੀ।
ਰਿਪੋਰਟਾਂ ਮੁਤਾਬਿਕ ਕੁੱਝ ਮਹੀਨੇ ਪਹਿਲਾਂ ਹੀ ਅਫਗਾਨਿਸਤਾਨ ਵਿੱਚ ਹਜ਼ਾਰਾਂ ਲੜਕੀਆਂ ਅਤੇ ਔਰਤਾਂ ਨੇ ਯੂਨੀਵਰਸਿਟੀ ਵਿੱਚ ਪੜ੍ਹਨ ਲਈ ਦਾਖਲਾ ਪ੍ਰੀਖਿਆ ਦਿੱਤੀ ਸੀ। ਲੜਕੀਆਂ ਨੂੰ ਆਸ ਸੀ ਕਿ ਉਨ੍ਹਾਂ ਨੂੰ ਜਲਦੀ ਹੀ ਦਾਖਲਾ ਮਿਲ ਜਾਵੇਗਾ ਪਰ ਇਸ ਨਵੇਂ ਹੁਕਮ ਨਾਲ ਉਨ੍ਹਾਂ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਦੱਸ ਦਈਏ ਕਿ ਇਹ ਯੂਨੀਵਰਸਿਟੀਆਂ ਲੜਕੀਆਂ ਅਤੇ ਔਰਤਾਂ ਲਈ ਅੱਗੇ ਖੁੱਲ੍ਹਣਗੀਆਂ ਜਾਂ ਨਹੀਂ, ਇਸ ਬਾਰੇ ਅਜੇ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਹੈ।