ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਅੱਤਵਾਦੀ ਹਮਲੇ ਦੇ ਅਲਰਟ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਵਿਧਾਨ ਸਭਾ ਚੋਣ ਪ੍ਰਚਾਰ ਦੇ ਬਾਅਦ ਤੋਂ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਸੀਐਮ ਮਾਨ ‘ਤੇ ਅੱਤਵਾਦੀ ਹਮਲੇ ਦੀ ਲਗਾਤਾਰ ਸੂਚਨਾਵਾਂ ਮਿਲ ਰਹੀਆਂ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਤਵਾਦੀ ਹਮਲੇ ਦੇ ਅਲਰਟ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੁਰੱਖਿਆ ਏਜੰਸੀਆਂ ਨਾਲ ਇਨਪੁੱਟ ਸਾਂਝੇ ਕੀਤੇ ਹਨ। ਮੁੱਖ ਮੰਤਰੀ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਗਣਤੰਤਰ ਦਿਵਸ ‘ਤੇ ਉਨ੍ਹਾਂ ਦੇ ਪ੍ਰਸ਼ਾਸਨਿਕ ਪ੍ਰੋਗਰਾਮ ‘ਚ ਵੀ ਬਦਲਾਅ ਕੀਤੇ ਗਏ ਹਨ। ਸੀਐਮ ਮਾਨ ਵੱਲੋਂ ਪਹਿਲਾਂ 26 ਜਨਵਰੀ ਨੂੰ ਫਰੀਦਕੋਟ ਵਿੱਚ ਝੰਡਾ ਲਹਿਰਾਉਣ ਦਾ ਪ੍ਰੋਗਰਾਮ ਸੀ। ਕੱਲ੍ਹ ਤੱਕ ਇਸ ਝੰਡਾ ਲਹਿਰਾਉਣ ਦੇ ਪ੍ਰੋਗਰਾਮ ਨੂੰ ਰੱਦ ਕਰਕੇ ਇਸ ਪ੍ਰੋਗਰਾਮ ਨੂੰ ਪਟਿਆਲਾ ਸ਼ਿਫਟ ਕਰਨ ਦੀ ਯੋਜਨਾ ਬਣਾਈ ਗਈ ਸੀ ਪਰ ਮੁੱਖ ਮੰਤਰੀ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਪ੍ਰੋਗਰਾਮ ਨੂੰ ਦੂਜੀ ਵਾਰ ਬਦਲ ਕੇ ਮੋਹਾਲੀ ਵਿੱਚ ਝੰਡਾ ਲਹਿਰਾਉਣ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।
ਇਸੇ ਵਿਚਕਾਰ ਗ੍ਰਹਿ ਮੰਤਰਾਲੇ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਦਿੱਲੀ ਪੁਲਿਸ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ 22 ਵਿਸ਼ੇਸ਼ ਕਮਾਂਡੋਜ਼ ਨੂੰ ਹਟਾ ਦਿੱਤਾ ਹੈ। ਦਿੱਲੀ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੈ। ਇਸ ਤਹਿਤ 63 ਜਵਾਨ ਤਾਇਨਾਤ ਹਨ। ਇਸ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੇ 15 ਦੇ ਕਰੀਬ ਵਰਦੀਧਾਰੀ ਮੁਲਾਜ਼ਮ ਹਨ। ਕੇਜਰੀਵਾਲ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਹਟਾਏ ਜਾਣ ‘ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਸੀਐਮ ਭਗਵੰਤ ਮਾਨ ਅਤੇ ਸਾਬਕਾ ਸੀਐਮ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਖਤਰੇ ਬਾਰੇ ਲਗਾਤਾਰ ਸੂਚਨਾਵਾਂ ਮਿਲ ਰਹੀਆਂ ਹਨ। ਸੁਰੱਖਿਆ ਖਤਰੇ ਦੇ ਮੱਦੇਨਜ਼ਰ ਕੇਜਰੀਵਾਲ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਸਨ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ, ਇੱਥੋਂ ਤੱਕ ਕਿ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੀ ਹਰ ਗਤੀਵਿਧੀ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।