ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲੱਗਭਗ 7 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਡਟੇ ਹੋਏ ਹਨ, ‘ਤੇ ਮੰਗ ਕਰ ਰਹੇ ਹਨ ਕਿ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ। ਕਿਸਾਨ ਅੰਦੋਲਨ ਦੇ ਦੌਰਾਨ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਮੰਨ ਨਹੀਂ ਰਹੀ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਨੂੰ ਜ਼ਮੀਨ ਬਚਾਉਣ ਲਈ ਅੰਦੋਲਨ ਤੇਜ਼ ਕਰਨਾ ਪਏਗਾ। ਸਖਤ ਸੁਰ ਵਿੱਚ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦਾ ਇਲਾਜ ਤਾਂ ਕਰਨਾ ਹੀ ਪਏਗਾ। ਰਾਕੇਸ਼ ਟਿਕੈਤ ਨੇ ਟਵਿੱਟਰ ‘ਤੇ ਲਿਖਿਆ,”ਸਰਕਾਰ ਮੰਨਣ ਵਾਲੀ ਨਹੀਂ ਹੈ। ਇਲਾਜ ਤਾਂ ਕਰਨਾ ਹੀ ਪਏਗਾ। ਟਰੈਕਟਰਾਂ ਨਾਲ ਆਪਣੀ ਤਿਆਰੀ ਰੱਖੋ। ਜ਼ਮੀਨ ਬਚਾਉਣ ਲਈ ਅੰਦੋਲਨ ਨੂੰ ਤੇਜ਼ ਕਰਨਾ ਪਏਗਾ।”
ਇਸ ਤੋਂ ਇੱਕ ਦਿਨ ਪਹਿਲਾਂ ਵੀ ਰਾਕੇਸ ਟਿਕੈਤ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੂੰ ਆਪਣੇ ਮਨ ਵਿੱਚੋਂ ਇਹ ਭੁਲੇਖਾ ਦੂਰ ਕਰ ਦੇਣਾ ਚਾਹੀਦਾ ਹੈ ਕਿ ਕਿਸਾਨ ਵਾਪਿਸ ਚਲਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ‘ਤੇ ਹੀ ਕਿਸਾਨ ਵਾਪਿਸ ਜਾਣਗੇ। ਸਾਡੀ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਐਮਐਮਸੀ ਉੱਤੇ ਇੱਕ ਕਾਨੂੰਨ ਬਣਾਇਆ ਜਾਵੇ।
ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸੋਮਵਾਰ ਨੂੰ ਇੱਕ ਨਵਾਂ ਐਲਾਨ ਕੀਤਾ ਹੈ। ਟਿਕੈਤ ਨੇ ਕਿਹਾ ਹੈ ਕਿ ਜੇ ਸਰਕਾਰ ਸਾਡੀ ਗੱਲ ਨਹੀਂ ਸੁਣ ਰਹੀ ਤਾਂ ਰਾਜਪਾਲ ਅਤੇ ਰਾਸ਼ਟਰਪਤੀ ਵੱਡੇ ਹੁੰਦੇ ਹਨ। ਅਸੀਂ ਰਾਜਪਾਲ ਦੇ ਜ਼ਰੀਏ ਆਪਣੀ ਗੱਲ ਕਰਾਂਗੇ। ਉਨ੍ਹਾਂ ਕਿਹਾ ਕਿ 26 ਜੂਨ ਨੂੰ ਕਿਸਾਨ ਅੰਦੋਲਨ ਦੇ ਕੁੱਝ ਨੁਮਾਇੰਦੇ ਹਰ ਰਾਜ ਵਿੱਚ ਰਾਜਪਾਲ ਜਾਂ ਉਪ ਰਾਜਪਾਲ ਕੋਲ ਜਾਣਗੇ। ਰਾਕੇਸ਼ ਟਿਕੈਤ ਨੇ 17 ਜੂਨ ਨੂੰ ਟਵੀਟ ਕਰ ਕਿਹਾ ਸੀ ਕਿ 26 ਜੂਨ ਨੂੰ ਰਾਜ ਭਵਨਾਂ ਦਾ ਦੇਸ਼ ਭਰ ਵਿੱਚ ਘਿਰਾਓ ਕੀਤਾ ਜਾਵੇਗਾ। ਇਸ ਦੇ ਨਾਲ ਹੀ ਰਾਸ਼ਟਰਪਤੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਜਾਵੇਗੀ।