ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਬੁੱਧਵਾਰ ਨੂੰ 12ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਾਪਰਾਂ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਹੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਲੜਕੀਆਂ ਨੇ ਇਕ ਵਾਰ ਫਿਰ ਪ੍ਰੀਖਿਆ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਇਹ ਵੀ ਖੁਸ਼ੀ ਦੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਮਾਨਸਾ ਜ਼ਿਲ੍ਹੇ ਨੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਪ੍ਰੀਖਿਆ ਪਾਸ ਕਰਨ ਵਾਲੇ ਹੁਸ਼ਿਆਰ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਇਨ੍ਹਾਂ ਵਿਦਿਆਰਥੀਆਂ ਨੇ ਅਣਥੱਕ ਮਿਹਨਤ ਅਤੇ ਲਗਨ ਨਾਲ ਇਮਤਿਹਾਨਾਂ ਨੂੰ ਹਰਾ ਕੇ ਆਪਣਾ ਨਾਮ ਬਣਾਇਆ ਹੈ। ਇਹ ਸਾਡੇ ਸਾਰਿਆਂ ਲਈ ਮਹੱਤਵਪੂਰਨ ਦਿਨ ਹੈ, ਜਿਸ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਹੋਰਨਾਂ ਲਈ ਰੋਲ ਮਾਡਲ ਬਣਨਗੇ।