ਇੰਗਲੈਂਡ ਦੇ ਸਿੱਖ ਐਮਪੀ. ਤਨਮਨਜੀਤ ਸਿੰਘ ਢੇਸੀ ਅਪਣੀ ਪਤਨੀ ਮਨਵੀਨ ਕੌਰ ਢੇਸੀ, ਬੇਟੇ ਜੋਗਾਦ ਸਿੰਘ ਢੇਸੀ ਤੇ ਤੋਸ਼ਾਬ ਸਿੰਘ ਢੇਸੀ ਸਮੇਤ ਮੰਗਲਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਮੌਕੇ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸਤਿਗੁਰੂ ਦੀ ਰਹਿਮਤ ਸਦਕਾ ਉਹਨਾਂ ਨੂੰ ਗੁਰੂ ਸਾਹਿਬ ਦੇ ਦਰ ’ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਉਨ੍ਹਾਂ ਨੇ ਇਸ ਦੌਰਾਨ ਸਿੱਖ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਉਨ੍ਹਾਂ ਨੇ ਸਿੱਖ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਦਸਤਾਰ ਦੇ ਗੌਰਵ ਦਾ ਪ੍ਰਤੀਕ ਹੈ ਅਤੇ ਸਮੁੱਚੀ ਸਿੱਖ ਨੌਜਵਾਨੀ ਨੂੰ ਸਾਬਤ ਸੂਰਤ ਰਹਿੰਦਿਆਂ ਦੇਸ਼ ਦੁਨੀਆ ਵਿੱਚ ਅੱਗੇ ਵੱਧਣਾ ਚਾਹੀਦਾ ਹੈ।