ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ, ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਾਂਗਰਸ ਦਾ ਹੱਥ ਛੱਡ ਭਾਜਪਾ ਦਾ ਪੱਲਾ ਫੜ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਲਾਈਨ ਪੋਸਟ ਕੀਤੀ ਸੀ, ਜਿਸ ਤੋਂ ਬਾਅਦ ਹੀ ਸੰਭਾਵਨਾ ਜਤਾਈ ਗਈ ਸੀ ਕਿ ਵਿਜੇਂਦਰ ਸਿੰਘ ਭਾਜਪਾ ‘ਚ ਸ਼ਾਮਿਲ ਹੋ ਸਕਦੇ ਹਨ। ਵਿਜੇਂਦਰ ਸਿੰਘ ਨੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ ਹੈ। ਭਾਜਪਾ ਨੇਤਾ ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਭਾਜਪਾ ਮੈਂਬਰ ਵਜੋਂ ਸਵੀਕਾਰ ਕੀਤਾ। ਵਿਜੇਂਦਰ ਸਿੰਘ ਦੀ ਰਾਜਨੀਤੀ ਵਿੱਚ ਐਂਟਰੀ 2019 ਵਿੱਚ ਹੋਈ ਸੀ।
ਮੁੱਕੇਬਾਜ਼ ਵਿਜੇਂਦਰ ਸਿੰਘ 2019 ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਪਹਿਲੀਆਂ ਚੋਣਾਂ ਵਿੱਚ ਪਾਰਟੀ ਨੇ ਉਨ੍ਹਾਂ ਨੂੰ ਦੱਖਣੀ ਦਿੱਲੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ। ਪਹਿਲੀ ਹੀ ਚੋਣ ਵਿੱਚ ਉਨ੍ਹਾਂ ਨੂੰ ਭਾਜਪਾ ਆਗੂ ਰਮੇਸ਼ ਬਿਧੂੜੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਵਿਜੇਂਦਰ ਸਿੰਘ ਰਾਜਨੀਤੀ ਵਿੱਚ ਸਰਗਰਮ ਨਹੀਂ ਰਹੇ। ਉਨ੍ਹਾਂ ਨੇ ਦਸੰਬਰ 2023 ਵਿੱਚ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਵੀ ਸੰਕੇਤ ਦਿੱਤਾ ਸੀ। ਹਾਲਾਂਕਿ, ਕੁਝ ਦਿਨ ਪਹਿਲਾਂ ਅਜਿਹੀਆਂ ਅਟਕਲਾਂ ਸਨ ਕਿ ਉਹ ਰਾਜਨੀਤੀ ਵਿੱਚ ਵਾਪਸੀ ਕਰ ਸਕਦੇ ਹਨ।