ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਪ੍ਰਚਾਰ ਖ਼ਤਮ ਹੋ ਗਿਆ ਹੈ। ਹੁਣ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਸਕਦਾ ਹੈ। ਰੈਲੀਆਂ ਅਤੇ ਇਕੱਠ ਕਰਨ ‘ਤੇ ਪਾਬੰਦੀ ਰਹੇਗੀ। ਜਲੰਧਰ ਦੇ ਡੀਸੀ ਜਸਪ੍ਰੀਤ ਸਿੰਘ ਨੇ ਵੋਟਾਂ ਪੈਣ ਤੱਕ ਕਿਸੇ ਵੀ ਤਰ੍ਹਾਂ ਦੇ ਐਗਜ਼ਿਟ ਪੋਲ ‘ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਹੁਕਮਾਂ ਅਨੁਸਾਰ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਵਿੱਚ ਕਿਸੇ ਵੀ ਐਗਜ਼ਿਟ ਪੋਲ ਨੂੰ ਛਾਪਣ, ਪ੍ਰਸਾਰਿਤ ਕਰਨ ਜਾਂ ਪ੍ਰਚਾਰਨ ਦੀ ਮਨਾਹੀ ਹੈ। ਜਲੰਧਰ ‘ਚ 10 ਮਈ ਨੂੰ ਵੋਟਾਂ ਪੈਣਗੀਆਂ।
ਵੋਟਾਂ ਵਾਲੇ ਦਿਨ ਸਵੇਰੇ 7 ਵਜੇ ਤੋਂ ਸ਼ਾਮ 6:30 ਵਜੇ ਤੱਕ ਐਗਜ਼ਿਟ ਪੋਲ ‘ਤੇ ਮੁਕੰਮਲ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਜਲੰਧਰ ‘ਚ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਲੋਕ ਸਭਾ ਸੀਟ ‘ਤੇ ਕੁੱਲ 16 ਲੱਖ 21 ਹਜ਼ਾਰ 800 ਵੋਟਰ ਹਨ। ਇਨ੍ਹਾਂ ਵਿੱਚੋਂ 38 ਹਜ਼ਾਰ 313 ਵੋਟਰ 80 ਸਾਲ ਤੋਂ ਵੱਧ ਉਮਰ ਦੇ ਹਨ ਜਦਕਿ 10 ਹਜ਼ਾਰ 526 ਅਪਾਹਜ ਹਨ। ਜ਼ਿਲ੍ਹੇ ਵਿੱਚ 1972 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਇਨ੍ਹਾਂ ਸਾਰੇ ਪੋਲਿੰਗ ਸਟੇਸ਼ਨਾਂ ਵਿੱਚ ਵੈਬ ਕਾਸਟਿੰਗ ਅਤੇ ਹੋਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਹੋਣਗੀਆਂ।