ਅਗਲੇ ਮਹੀਨੇ ਤੋਂ ਯੂਪੀ ਅਤੇ ਪੰਜਾਬ ਸਣੇ ਭਾਰਤ ਦੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਨੂੰ ਲੈ ਕੇ ਦੇਸ਼ ਦੀ ਸਿਆਸਤ ਵੀ ਪੂਰੀ ਤਰਾਂ ਭਖ ਚੁੱਕੀ ਹੈ। ਉੱਥੇ ਹੀ ਵਾਅਦਿਆਂ ਅਤੇ ਦਾਅਵਿਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਹੁਣ ਕੋਰੋਨਾ ਕਾਲ ਦੌਰਾਨ ਚਰਚਾ ਦਾ ਵਿਸ਼ਾ ਰਹੇ ਅਦਾਕਾਰ ਸੋਨੂੰ ਸੂਦ ਨੇ ਵੀ ਇੱਕ ਵੱਡਾ ਬਿਆਨ ਦਿੱਤਾ ਹੈ। ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ CM ਚੰਨੀ ਨੂੰ ਇੱਕ ਹੋਰ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਸੋਨੂੰ ਸੂਦ ਨੇ ਕਿਹਾ ਕਿ CM ਚੰਨੀ ਨੇ 3 ਮਹੀਨਿਆਂ ਵਿੱਚ ਜੋ ਕੰਮ ਕੀਤਾ ਹੈ, ਉਹ ਕਾਬਿਲ-ਏ-ਤਾਰੀਫ਼ ਹੈ ਤੇ ਇਸ ਗੱਲ ਨੂੰ ਅਸੀਂ ਅਣਗੌਲਿਆ ਨਹੀਂ ਕਰ ਸਕਦੇ। ਮੈਂ ਚਾਹੁੰਦਾ ਹਾਂ ਕਿ ਉਹ ਦੁਬਾਰਾ ਮੁੱਖ ਮੰਤਰੀ ਬਣਨ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਚੰਗਾ ਕੰਮ ਕਰ ਰਿਹਾ ਸੀ, ਉਸ ਨੂੰ ਇੱਕ ਹੋਰ ਮੌਕਾ ਮਿਲਣਾ ਚਾਹੀਦਾ ਹੈ। ਅਦਾਕਾਰ ਨੇ ਦਾਅਵਾ ਕੀਤਾ ਇਸ ਵਾਰ ਕਾਂਗਰਸ ਦੀ ਜਿੱਤ ਪੱਕੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਮੋਗਾ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀ ਆਪਣੀ ਭੈਣ ਮਾਲਵਿਕਾ ਸੂਦ ਬਾਰੇ ਕਿਹਾ ਕਿ ਮੇਰੀ ਭੈਣ ਨੇ ਬਹੁਤ ਜ਼ਿੰਮੇਵਾਰੀ ਨਿਭਾਈ ਹੈ। ਸਾਡੇ ਸ਼ਹਿਰ ਵਿੱਚ ਵੱਧ ਤੋਂ ਵੱਧ ਟੀਕਾਕਰਨ ਉਸ ਵੱਲੋਂ ਹੀ ਕਰਵਾਇਆ ਗਿਆ ਹੈ । ਜਿੱਥੋਂ ਤੱਕ ਸਿੱਖਿਆ ਅਤੇ ਲੋਕਾਂ ਦੀ ਮਦਦ ਕਰਨ ਦਾ ਸਵਾਲ ਹੈ, ਉਸਨੇ ਮੋਗਾ ਵਿੱਚ ਵੱਡੇ ਪੱਧਰ ‘ਤੇ ਕੰਮ ਕੀਤਾ ਹੈ। ਉਨ੍ਹਾਂ ਨੇ ਆਪਣੇ ਅਤੇ ਆਪਣੀ ਭੈਣ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਕਿਆਸਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਲਈ ਪਾਰਟੀਆਂ ਕੋਈ ਮਾਇਨੇ ਨਹੀਂ ਰੱਖਦੀਆਂ। ਵਿਅਕਤੀ ਦੀ ਸੋਚ ਹੀ ਸਮਾਜ ਅਤੇ ਦੇਸ਼ ਨੂੰ ਬਦਲ ਸਕਦੀ ਹੈ।