ਵਿਸ਼ਵ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਇਸ ਟੀਕਾਕਰਨ ਮੁਹਿੰਮ ਦੇ ਵਿਚਕਾਰ WHO ਵੱਲੋਂ ਇੱਕ ਮਹੱਤਵਪੂਰਨ ਬਿਆਨ ਦਿੱਤਾ ਗਿਆ ਹੈ। ਇਸ ਸਬੰਧੀ ਵਿਸ਼ਵ ਸਿਹਤ ਸੰਗਠਨ ਦੀ ਮੁੱਖ ਵਿਗਿਆਨੀ ਸੌਮਿਆ ਸਵਾਮੀਨਾਥਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਵੈਕਸੀਨ ਨੂੰ ਮਿਲਾ ਕੇ ਡੋਜ਼ ਨਾ ਲਵੇ, ਕਿਉਂਕ ਇਹ ਖ਼ਤਰਨਾਕ ਸਾਬਿਤ ਹੋ ਸਕਦਾ ਹੈ। ਵਿਸ਼ਵ ਸਿਹਤ ਸੰਗਠਨ ਦੀ ਮੁੱਖ ਵਿਗਿਆਨੀ ਸੌਮਿਆ ਸਵਾਮੀਨਾਥਨ ਦੇ ਅਨੁਸਾਰ ਇਹ ਇੱਕ ਖ਼ਤਰਨਾਕ ਰੁਝਾਨ ਹੈ। ਕਿਉਂਕਿ ਇਸ ਬਾਰੇ ਅਜੇ ਕੋਈ ਡਾਟਾ ਉਪਲਬਧ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣਾ ਬਹੁਤ ਜ਼ਰੂਰੀ ਹੈ ।
ਸੌਮਿਆ ਸਵਾਮੀਨਾਥਨ ਨੇ ਕਿਹਾ ਕਿ ਜੇ ਵੱਖ-ਵੱਖ ਦੇਸ਼ਾਂ ਵਿੱਚ ਲੋਕ ਆਪਣੇ ਆਪ ਤੈਅ ਕਰਨਗੇ ਕਿ ਦੂਜੀ-ਤੀਜੀ ਡੋਜ਼ ਕਦੋਂ ਲਈ ਜਾਵੇ, ਤਾਂ ਇਹ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਇੱਕ ਆਨਲਾਈਨ ਬ੍ਰੀਫਿੰਗ ਦੌਰਾਨ ਸਵਾਮੀਨਾਥਨ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੇ ਸਾਨੂੰ ਪੁੱਛਿਆ ਕਿ ਉਨ੍ਹਾਂ ਨੇ ਵੈਕਸੀਨ ਦੀ ਇੱਕ ਡੋਜ਼ ਲਈ ਹੈ ਅਤੇ ਉਨ੍ਹਾਂ ਦੀ ਯੋਜਨਾ ਦੂਜੀ ਡੋਜ਼ ਕਿਸੇ ਹੋਰ ਕੰਪਨੀ ਦੀ ਲੈਣ ਦੀ ਹੈ। ਪਰ ਇਹ ਇੱਕ ਖ਼ਤਰਨਾਕ ਰੁਝਾਨ ਹੈ। ਸਾਡੇ ਕੋਲ ਵੈਕਸੀਨ ਦੀ ਮਿਕਸਿੰਗ ਅਤੇ ਮੈਚਿੰਗ ਨੂੰ ਲੈ ਕੇ ਕੋਈ ਡਾਟਾ ਉਪਲਬਧ ਨਹੀਂ ਹੈ।